ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਇਸ ਸ਼ੁਭ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, “ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ।“ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ, 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਪਿੰਡ ਮਹਾਨ ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦਾਂ ਨਾਲ ਸਬਧੰਤ ਹਨ ਅਤੇ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਦੀ ਕੋਈ ਥਾਹ ਨਹੀਂ ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 49,427 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉੱਤਰ ਕਾਟੋ ਮੈਂ ਚੜ੍ਹਾਂ’ ਵਾਂਗ ਵਾਰ-ਵਾਰ ਸੱਤਾ ਸੁਖ ਭੋਗਦੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਦੀ ਸਿਰਫ਼ ਇਸ ਲਈ ਨਿੰਦਾ ਕਰਦੇ ਹਨ ਕਿਉਂਕਿ ਇਹਨਾਂ ਸਿਆਸਤਦਾਨਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਸਾੜਾ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘੁਮੰਡੀ ਸਿਆਸਤਦਾਨਾਂ ਨੇ ਹਮੇਸ਼ਾ ਹੀ ਸੂਬੇ ਦੇ ਲੋਕਾਂ ਨੂੰ ‘ਨਿੱਜੀ ਜਗੀਰ’ ਸਮਝ ਰੱਖਿਆ ਸੀ ਜਿਸ ਕਾਰਨ ਆਖਰਕਾਰ ਇਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਹੀ ਲੋਕਾਂ ਨੇ ਅਜਿਹੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜੋ ਇਹਨਾਂ ਨੂੰ ‘ਵੈਰਾਇਟੀ’ ਦੱਸਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ‘ਚ ਲੋਕ ਸਰਵਉੱਚ ਹੁੰਦੇ ਹਨ ਪਰ ਇਨ੍ਹਾਂ ਸਿਆਸਤਦਾਨਾਂ ਨੇ ਉਨ੍ਹਾਂ ਨੂੰ ਆਪਣੀ ਵੋਟ ਬੈਂਕ ਸਮਝ ਕੇ ਰੱਖ ਲਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸਬਕ ਸਿਖਾਇਆ ਹੈ।
ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਨੂੰ ਪੂਰੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਨੂੰ ਯਕੀਨੀ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਦੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਨਾਲ ਪੈਸਾ ਇਕੱਠਾ ਕਰਕੇ ਵੱਡੇ-ਵੱਡੇ ਮਹਿਲ ਉਸਾਰੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਹਨ ਅਤੇ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਬੰਦ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹਨਾਂ ਆਗੂਆਂ ਨੇ ਆਪਣੇ ਕਾਰਜਕਾਲ ਵਿੱਚ ਲੋਕਾਂ ਦੀ ਬਿਲਕੁਲ ਸਾਰ ਨਹੀਂ ਲਈ, ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਮਹੱਤਵ ਅਤੇ ਖੁਸ਼ੀ ਦੇ ਅਜਿਹੇ ਸਮਾਗਮ ਘੱਟ ਹੀ ਦਿਖਾਈ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਲੋਕਾਂ ਲਈ ਨਵੇਂ ਪ੍ਰਾਜੈਕਟ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਮੌਕੇ ਮਿਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲੇ ਪੰਜਾਬ ਵੱਲ ਵਧ ਰਹੇ ਕਦਮਾਂ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰਨਾਂ ਪਤਵੰਤਿਆਂ ਦਾ ਸਵਾਗਤ ਕੀਤਾ।