ਨਵੀਂ ਦਿੱਲੀ: ਅੱਤ ਦੀ ਗਰਮੀ ਤੋਂ ਰਾਹਤ ਦੀ ਖ਼ਬਰ ਹੈ ਕਿ ਪੰਜਾਬ ਵਿੱਚ ਆਉਂਦੇ ਹਫ਼ਤੇ ਮੀਂਹ ਪੈ ਸਕਦਾ ਹੈ। ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈੱਟ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਤੇ ਕੌਮੀ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਬਾਰਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ਤੋਂ ਰਾਹਤ ਦੀ ਆਸ ਹੈ। ਉੱਥੇ ਹੀ ਵਾਢੀ ਦੇਰ ਨਾਲ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ।
ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ ਆਉਂਦੀ 10 ਤੋਂ 16 ਮਈ ਤਕ ਧੂੜ ਭਰੀ ਹਨੇਰੀ ਦੇ ਨਾਲ-ਨਾਲ ਗਰਜ ਤੇ ਚਮਕ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੀ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।ਹਿਮਾਚਲ ਮੌਸਮ ਵਿਭਾਗ ਨੇ ਤਾਂ ਯੈਲੋ ਵੈਦਰ ਵਾਰਨਿੰਗ ਵੀ ਜਾਰੀ ਕਰ ਦਿੱਤੀ ਹੈ। ਇੱਥੇ ਭਾਰੀ ਮੀਂਹ ਦੇ ਨਾਲ-ਨਾਲ ਝੱਖੜ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤਿਆਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਪਾਰਾ 40 ਡਿਗਰੀ ਤੋਂ ਪਾਰ ਪਹੁੰਚਿਆ ਹੋਇਆ ਹੈ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦੀ ਉਮੀਦ ਹੈ।