ਅੱਜ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਖੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਸਨ। ਮਨਪ੍ਰੀਤ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਪਹੁੰਚਣ ‘ਤੇ ਹੀ ਜਿੱਥੇ ਬਿਜਲੀ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ, ਉੱਥੇ ਹੀ ਮੁਲਾਜ਼ਮਾਂ ਵੱਲੋਂ ਮੰਤਰੀ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ। ਪੁਲਿਸ ਦੇ ਵੱਲੋਂ ਬਿਜਲੀ ਮੁਲਾਜ਼ਮਾਂ ਨੂੰ ਕਾਫੀ ਜ਼ਿਆਦਾ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਬਿਜਲੀ ਮੁਲਾਜ਼ਮ ਆਪਣੇ ਸੰਘਰਸ਼ ‘ਤੇ ਅੜੇ ਰਹੇ ਅਤੇ ਉਨ੍ਹਾਂ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਿਜਲੀ ਮੁਲਾਜ਼ਮਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਇਆਂ ਨੂੰ ਕਰੀਬ ਦੋ ਸਾਲ ਹੋ ਗਏ ਹਨ, ਇਸ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ। ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਕਾਫੀ ਜ਼ਿਆਦਾ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹਰ ਵਾਅਦੇ ਤੋਂ ਭੱਜਦੀ ਨਜ਼ਰੀ ਆ ਰਹੀ ਹੈ। ਬਿਜਲੀ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕਰ ਰਹੀ ਹੈ। ਬਿਜਲੀ ਮੁਲਾਜ਼ਮਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਨਹੀਂ ਕਰਦੀ, ਓਨਾ ਸਮਾਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸਰਕਾਰ ਦੇ ਹਰ ਮੰਤਰੀ ਤੋਂ ਇਲਾਵਾ ਮੁੱਖ ਮੰਤਰੀ ਦਾ ਹਰ ਰੈਲੀ ਵਿੱਚ ਵਿਰੋਧ ਕੀਤਾ ਜਾਵੇ। ਬਿਜਲੀ ਮੁਲਾਜ਼ਮਾਂ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਵੀ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਚਾਰ ਕੀਤਾ ਜਾਵੇ। ਇੱਥੇ ਦੱਸ ਦਈਏ ਕਿ ਮੁਲਾਜ਼ਮਾਂ ਦੇ ਇਸ ਸੰਘਰਸ਼ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ।