ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੂੰ ਲੰਘੀ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ, ਜਿਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁੱਢਲੀ ਸਿਹਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਾ ਅਚਾਨਕ ਬਲੱਡ ਪ੍ਰੈਸ਼ਰ ਵਧ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਂਝ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਹਸਪਤਾਲ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਝ ਜ਼ਰੂਰੀ ਟੈਸਟ ਕਰਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਅੱਜ ਰਾਤ ਭਰ ਮੈਡੀਕਲ ਬੋਰਡ ਦੀ ਨਿਗਰਾਨੀ ਹੇਠ ਰਹਿਣਗੇ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਬਿਲਕੁਲ ਠੀਕ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੇਫੜਿਆਂ ਵਿਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ ’ਤੇ ਦਬਾਅ ਪੈਂਦਾ ਹੈ ਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ। ਬੁਲਾਰੇ ਨੇ ਕਿਹਾ ਕਿ ਡਾਕਟਰਾਂ ਵੱਲੋਂ ਮੁੱਖ ਮੰਤਰੀ ਮਾਨ ਦੇ ਖੂਨ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਟੈਸਟ ਰਿਪੋਰਟ ਆਉਣ ਤੋਂ ਬਾਅਦ ਅਸਲ ਸਥਿਤੀ ਦਾ ਪਤਾ ਲੱਗੇਗਾ।
ਮੁੱਖ ਮੰਤਰੀ ਦੀ ਸਿਹਤ ਬਾਰੇ ਸਹੀ ਜਾਣਕਾਰੀ ਦਿੱਤੀ ਜਾਵੇ: ਬਾਜਵਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਪਾਰਦਰਸ਼ਤਾ ਦੀ ਮੰਗ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੁੱਖ ਮੰਤਰੀ ਦੀ ਹਾਲਤ ਬਾਰੇ ਤੁਰੰਤ ਨਿਯਮਤ ਸਿਹਤ ਬੁਲਿਟਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਾਰਦਰਸ਼ਤਾ ਦੇ ਹੱਕਦਾਰ ਹਨ, ਉਨ੍ਹਾਂ ਨੂੰ ਆਪਣੇ ਨੇਤਾ ਦੇ ਠਿਕਾਣੇ ਜਾਂ ਸਿਹਤ ਸਥਿਤੀ ਬਾਰੇ ਅੰਦਾਜ਼ਾ ਨਹੀਂ ਲਗਾਉਣਾ ਚਾਹੀਦਾ।
‘ਆਪ’ ਸਰਕਾਰ ਮੁੱਖ ਮੰਤਰੀ ਦੀ ਸਿਹਤ ਦੇ ਵੇਰਵੇ ਸਾਂਝੇ ਕਰੇ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਜਨਤਕ ਹਿੱਤਾਂ ਵਿਚ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕਰਨ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਬਾਰੇ ਸਥਿਤੀ ਸਪਸ਼ਟ ਨਾ ਹੋਣ ਕਰਕੇ ਸੂਬੇ ਵਿੱਚ ਅਫਵਾਹਾਂ ਦਾ ਦੌਰ ਜਾਰੀ ਹੈ। ਲਿਹਾਜ਼ਾ ਸੂਬਾ ਸਰਕਾਰ ਤੇ ਹਸਪਤਾਲ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਦੀ ਸਿਹਤ ਬਾਰੇ ਸਮੇਂ-ਸਮੇਂ ’ਤੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।