ਨਵੀਂ ਦਿੱਲੀ-ਰਾਜ ਸਭਾ ਵਿੱਚ ਅੱਜ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਅਡਾਨੀ ਤੇ ਹੋਰ ਮਾਮਲਿਆਂ ’ਤੇ ਸਪਸ਼ਟ ਜਵਾਬ ਨਾ ਦੇਣ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਕਾਰਨ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਚੌਥੇ ਦਿਨ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ ਇਹ ਸਦਨ 2 ਦਸੰਬਰ ਨੂੰ ਸਵੇਰੇ 11 ਵਜੇ ਮੁੜ ਜੁੜੇਗਾ।
ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਇਹ ਕਾਰਵਾਈ ਲੋਕਾਂ ਦੇ ਪੱਖ ਵਿਚ ਨਹੀਂ ਹੈ ਤੇ ਇਹ ਗਲਤ ਕੀਤਾ ਜਾ ਰਿਹਾ ਹੈ ਕਿਉਂਕਿ ਕਾਰਵਾਈ ਵਿਚ ਵਿਘਨ ਪਾਉਣ ਨਾਲ ਕੀ ਮਿਸਾਲ ਪੈਦਾ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਕਿਹਾ ਕਿ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਹੜਾ ਮੁੱਦਾ ਕਿਸ ਵੇਲੇ ਤੇ ਕਦੋਂ ਉਠਾਉਣਾ ਚਾਹੁੰਦੀ ਹੈ। ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਨੇ ਕਿਹਾ ਸੀ ਕਿ ਅਡਾਨੀ, ਮਨੀਪੁਰ, ਸੰਭਲ, ਚੀਨ ਅਤੇ ਵਿਦੇਸ਼ ਨੀਤੀ ’ਤੇ ਚਰਚਾ ਹੋਵੇਗੀ? ਸਰਕਾਰ ਨੇ ਅਜਿਹਾ ਕੁਝ ਵੀ ਨਹੀਂ ਦੱਸਿਆ। ਉਨ੍ਹਾਂ ਨੇ ਨਾ ਤਾਂ ਵਿਸ਼ੇ ਬਾਰੇ ਸਪਸ਼ਟ ਕੀਤਾ ਹੈ ਅਤੇ ਨਾ ਹੀ ਤਰੀਕ ਬਾਰੇ, ਜਿਸ ਦਿਨ ਉਹ ਵਿਸ਼ੇ ਅਤੇ ਤਰੀਕ ਬਾਰੇ ਦੱਸਣਗੇ ਤਾਂ ਉਹ ਸਦਨ ਦੀ ਕਾਰਵਾਈ ਚੱਲਣ ਦੇਣਗੇ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਰਾਮ ਗੋਪਾਲ ਯਾਦਵ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਅਡਾਨੀ, ਸੰਭਲ ਅਤੇ ਮਨੀਪੁਰ ਦੇ ਮੁੱਦਿਆਂ ’ਤੇ ਸੰਸਦ ’ਚ ਚਰਚਾ ਕਰਨ ਤੋਂ ਭੱਜ ਰਹੀ ਹੈ।