ਰਈਆ- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਗਈ ਪੰਥਕ ਕਾਨਫ਼ਰੰਸ ਵਿੱਚ ਵੱਡਾ ਇਕੱਠ ਹੋਇਆ ਜਿਸ ਵਿਚ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਖਡੂਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬੀਆਂ ਨਾਲ ਕੀਤੇ ਅਹਿਦ ਨੂੰ ਬਾਪੂ ਤਰਸੇਮ ਸਿੰਘ ਨੇ ਪੜ੍ਹ ਕੇ ਸੁਣਾਇਆ ਜਿਸ ਵਿਚ ਪੰਜਾਬੀਆਂ ਦੇ ਹੱਥ ਫ਼ੈਸਲੇ ਦੀ ਤਾਕਤ ਆਉਣ ’ਤੇ 1997 ਤੋਂ 2027 ਤੱਕ ਦੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਪਸਾਰ, ਮੌਤਾਂ, ਸਪਲਾਈ ਚੇਨ, ਸਿਆਸੀ ਸ਼ਮੂਲੀਅਤ ਅਤੇ ਪੁਲੀਸ ਤੇ ਸੁਰੱਖਿਆ ਤੰਤਰ ਦੀ ਕਥਿਤ ਮਿਲੀਭੁਗਤ ਸਬੰਧੀ ਵਾਈਟ ਪੇਪਰ ਜਾਰੀ ਕਰਨ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ ਗਿਆ।
ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਗਿਆ। ਕਾਨਫ਼ਰੰਸ ਵਿੱਚ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲ਼ੀ, ਪਾਰਲੀਮਾਨੀ ਬੋਰਡ ਦੇ ਮੈਂਬਰਾਂ, ਮੁੱਖ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਪੰਥ-ਪੰਜਾਬ ਦੇ ਮੁੱਦਿਆਂ ’ਤੇ ਵਿਚਾਰ ਰੱਖੇ। ਉਨ੍ਹਾਂ ਪੰਜਾਬ ਦੀ ਜਵਾਨੀ, ਕਿਸਾਨੀ, ਪਾਣੀਆਂ, ਰੁਜ਼ਗਾਰ, ਸੂਬੇ ਦੇ ਹੱਕਾਂ ਅਤੇ ਪੰਥਕ ਮਸਲਿਆਂ ਦੇ ਨਾਲ-ਨਾਲ ਨਸ਼ਿਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੀਆਂ ਨਾਕਾਮੀਆਂ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਤਿੱਖੇ ਢੰਗ ਨਾਲ ਘੇਰਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਹੁਣ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਨੀਤੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਲਿਆ ਗਿਆ ਇਹ ਅਹਿਦ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸਿਧਾਂਤਕ ਰਾਜਨੀਤੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵੱਲ ਇੱਕ ਅਹਿਮ ਕਦਮ ਹੈ।
ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨ ਚਿੜੀ, ਸੁਰਜੀਤ ਸਿੰਘ ਦੌਲਤਪੁਰ, ਕਾਬਲ ਸਿੰਘ, ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਇਕਬਾਲ ਸਿੰਘ ਝੂੰਦਾਂ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ, ਹਰਪ੍ਰੀਤ ਕੌਰ, ਸਤਨਾਮ ਕੌਰ, ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿੱਲੋਂ, ਸ਼ਮਸ਼ੇਰ ਸਿੰਘ ਪੱਧਰੀ ਸ਼ਾਮਲ ਹੋਏ। ਇਸ ਮੌਕੇ ਬਾਪੂ ਤਰਸੇਮ ਸਿੰਘ ਕਾਰਜਕਾਰੀ ਪ੍ਰਧਾਨ ਵਾਰਿਸ ਪੰਜਾਬ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ , ਸ਼ਮਸ਼ੇਰ ਸਿੰਘ ਪੱਧਰੀ, ਸੁਖਵਿੰਦਰ ਸਿੰਘ ਅਗਵਾਨ, ਹਲਕਾ ਇੰਚਾਰਜ ਸਰਬਜੀਤ ਸਿੰਘ ਖ਼ਾਨਪੁਰ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਨੇ ਸੰਬੋਧਨ ਕੀਤਾ।
ਪੰਥ ਵਿਰੋਧੀ ਤਾਕਤਾਂ ਅਕਾਲੀ ਦਲ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ: ਪੰਥ ਵਿਰੋਧੀ ਸਾਰੀਆਂ ਤਾਕਤਾਂ ਅਕਾਲੀ ਦਲ ਨੂੰ ਖ਼ਤਮ ਕਰਕੇ ਗੁਰੂ ਘਰਾਂ ’ਤੇ ਕਬਜ਼ਾ ਕਰਨਾ ਚਾਹੂੰਦੀਆਂ ਹਨ , ਇਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਸ਼ਬਦ ਅੱਜ ਬਾਬਾ ਬਕਾਲਾ ਰੱਖੜ ਪੁੰਨਿਆ ਮੇਲੇ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਹਾਕੀ ਸਟੇਡੀਅਮ ਬਾਬਾ ਬਕਾਲਾ ਵਿਖੇ ਅਕਾਲੀ ਵਰਕਰਾਂ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਪੰਜਾਬ ਦਾ ਕੁਝ ਵੀ ਸੰਵਾਰ ਨਹੀਂ ਸਕਦੇ ਸਗੋਂ ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਿਆ ਪੰਥ ਨੂੰ ਵੰਡਣ ਦੀ ਗੱਲ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੋਰਾ ਲਾਉਣ ਲਈ ਹਰਿਆਣਾ ਵਿੱਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਦਿੱਤੀ ਜਦਕਿ ਅਕਾਲੀ ਦਲ ਨੇ ਦਿੱਲੀ ਗੁਰਦੁਆਰੇ ਮਹੰਤਾਂ ਤੋ ਖ਼ਾਲੀ ਕਰਵਾਉਣ ਲਈ ਮੋਰਚੇ ਲਾਏ।
ਸ੍ਰੀ ਬਾਦਲ ਨੇ ਮੌਜੂਦਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਢੇ ਚਾਰ ਸਾਲ ਪਹਿਲਾਂ ਇਕ ਚੁਟਕਲੇ ਸੁਣਾਉਣ ਵਾਲੇ ਨੂੰ ਪੰਜਾਬ ਦੀ ਵਾਗਡੋਰ ਸੰਭਾਲ ਦਿੱਤੀ ਜਿਸ ਨੇ ਪੰਜਾਬ ਦੇ ਵਿਕਾਸ ਦੀ ਜਗ੍ਹਾ ਚੁਟਕਲੇ ਸੁਣਾ ਕੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਪੰਜਾਬ ’ਤੇ ਪਹਿਲਾ ਨਾਲੋਂ ਕਈ ਗੁਣਾਂ ਜ਼ਿਆਦਾ ਕਰਜ਼ੇ ਦਾ ਬੋਝ ਪਾ ਦਿੱਤਾ ਹੈ। ਲੋਕਾਂ ਦੇ ਟੈਕਸਾਂ ਦਾ ਪੈਸਾ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਨਸ਼ੇ ਆਮ ਵਿਕ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦੇ ਵੀ ਵਾਰਿਸ ਪੰਜਾਬ ਜਾਂ ਭਾਰਤੀ ਜਨਤਾ ਪਾਰਟੀ ਵਿਰੁੱਧ ਕਦੇ ਬਿਆਨ ਨਹੀਂ ਦਿੱਤਾ। ਸਿਰਫ਼ ਅਕਾਲੀ ਦਲ ਵਿਰੁੱਧ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਤੋ ਸੁਚੇਤ ਰਿਹਾ ਜਾਵੇ। ਉਨ੍ਹਾਂ ਕਾਂਗਰਸ ਪਾਰਟੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਸ ਪਾਰਟੀ ਨੇ 25 ਸਾਲ ਕੁਝ ਨਹੀਂ ਕੀਤਾ। ਵਾਰਿਸ ਪੰਜਾਬ ਅਕਾਲੀ ਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕੇ ਜੇਕਰ ਇਹ ਲੋਕ ਤਾਕਤ ਵਿਚ ਆ ਗਏ ਤਾਂ ਉਹ ਦਿਨ ਦੂਰ ਨਹੀਂ ਇਹ ਤੁਹਾਡੇ ਘਰਾਂ ਵਿਚ ਜਾ ਕੇ ਹਮਲੇ ਕਰਨਗੇ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਹੋਂਦ ਵਿਚ ਆਉਣ ’ਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਸੁੱਚਾ ਸਿੰਘ ਲੰਗਾਹ, ਵਿਰਸਾ ਸਿੰਘ ਵਲਟੋਹਾ, ਜਥੇਦਾਰ ਵੀਰ ਸਿੰਘ ਲੋਪੋਕੇ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ ਕੁਲਵੰਤ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ।

