ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਅਤੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਅਨੁਰਾਗ ਠਾਕੁਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਅਦਾਲਤ ਦੇ ਉਸ ਹੁਕਮ ਵਿਚ ਸੋਧ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੂੰ ਕ੍ਰਿਕਟ ਬੋਰਡ ਦੇ ਮਾਮਲਿਆਂ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਪਟੀਸ਼ਨ ’ਤੇ ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜਯੋਮਾਲਿਆ ਬਾਗਚੀ ਦਾ ਬੈਂਚ ਦੋ ਹਫ਼ਤਿਆਂ ਬਾਅਦ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ। ਅਨੁਰਾਗ ਠਾਕੁਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ ਐਸ ਪਟਵਾਲੀਆ ਨੇ ਬੈਂਚ ਨੂੰ ਦੱਸਿਆ ਕਿ 2 ਜਨਵਰੀ 2017 ਨੂੰ ਸਿਖਰਲੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਕੰਮਕਾਜ ਤੋਂ ਦੂਰ ਰਹਿਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਵਿਰੁੱਧ ਮਾਣਹਾਨੀ ਅਤੇ ਝੂਠੀ ਗਵਾਹੀ ਦੀ ਕਾਰਵਾਈ ਸ਼ੁਰੂ ਕੀਤੀ ਸੀ।
ਪਟਵਾਲੀਆ ਨੇ ਕਿਹਾ ਕਿ ਇਹ ਹੁਕਮ ਉਨ੍ਹਾਂ ਦੀ ਗੱਲ ਸੁਣੇ ਬਿਨਾਂ ਪਾਸ ਕੀਤਾ ਗਿਆ ਸੀ। ਹਾਲਾਂਕਿ, ਇਸ ਅਦਾਲਤ ਨੇ ਮਾਣਹਾਨੀ ਅਤੇ ਝੂਠੀ ਗਵਾਹੀ ਦੀ ਕਾਰਵਾਈ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਹੁਣ ਮੰਗ ਕੀਤੀ ਕਿ ਇਸ ਨਿਰਦੇਸ਼ ਨੂੰ ਸੋਧਿਆ ਜਾਵੇ। ਬੈਂਚ ਨੇ ਪਟਵਾਲੀਆ ਨੂੰ ਕਿਹਾ ਕਿ ਅਦਾਲਤ ਇਸ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਬਾਅਦ ਕਰੇਗੀ ਅਤੇ ਬੀਸੀਸੀਆਈ ਨਾਲ ਸਬੰਧਤ ਬਾਕੀ ਪਟੀਸ਼ਨਾਂ ਅਤੇ ਅਰਜ਼ੀਆਂ ’ਤੇ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਕੀਤੀ ਜਾਵੇਗੀ।

