ਅਹਿਮਦਾਬਾਦ- ਗੁਜਰਾਤ ਦੇ ਸ਼ਹਿਰਾਂ ਅਹਿਮਦਾਬਾਦ ਅਤੇ ਸੂਰਤ ਵਿਚ ਤਲਾਸ਼ੀ ਮੁਹਿੰਮਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਹਿ ਰਾਜ ਮੰਤਰੀ ਹਰਸ਼ ਸਾਂਗਵੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਹਿਮਦਾਬਾਦ ਵਿਚ ਘੱਟੋ-ਘੱਟ 890 ਬੰਗਲਾਦੇਸ਼ੀਆਂ ਨੂੰ ਅਤੇ ਸੂਰਤ ਵਿਚ 134 ਨੂੰ ਹਿਰਾਸਤ ਵਿਚ ਲਿਆ ਗਿਆ, ਜੋ ਕਿ ਗੁਜਰਾਤ ਪੁਲੀਸ ਵੱਲੋਂ ਹੁਣ ਤੱਕ ਦੀ ਆਪਣੀ ਕਿਸਮ ਦੀ ਸਭ ਤੋਂ ਵੱਡੀ ਕਾਰਵਾਈ ਹੈ।
ਸਾਂਗਵੀ ਨੇ ਗੁਜਰਾਤ ਵਿਚ ਰਹਿ ਰਹੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਆਪਣੀ ਮਰਜ਼ੀ ਨਾਲ ਪੁਲੀਸ ਅੱਗੇ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ, ਨਹੀਂ ਤਾਂ ਉਨ੍ਹਾਂ ਨੂੰ ਫੜ ਕੇ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਉਨ੍ਹਾਂ ਨੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਪਨਾਹ ਦੇਣ ਵਾਲੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਵੀ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ, ‘‘ਇਨ੍ਹਾਂ ਬੰਗਲਾਦੇਸ਼ੀਆਂ ਦੇ ਪਿਛੋਕੜ ਅਤੇ ਗੁਜਰਾਤ ਵਿਚ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੇਸ਼ ਨਿਕਾਲਾ ਲਈ ਸਾਰੀਆਂ ਪ੍ਰਕਿਰਿਆਵਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਪ੍ਰਬੰਧ ਕੀਤੇ ਗਏ ਹਨ”।