PreetNama
ਸਮਾਜ/Socialਖਾਸ-ਖਬਰਾਂ/Important News

ਅੰਮ੍ਰਿਤਪਾਲ ਸਿੰਘ ਨੇ ਦਾਦੀ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਪੈਰੋਲ ਮੰਗੀ

ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਵਾਸਤੇ ਅੱਜ ਸਥਾਨਕ ਅਦਾਲਤ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਚਾਚੇ ਹਰਜੀਤ ਸਿੰਘ ਅਤੇ ਰਿਸ਼ਤੇਦਾਰ ਸੁਖਮਨਜੀਤ ਸਿੰਘ ਨੇ ਵੀ ਅਰਜ਼ੀਆਂ ਦਾਇਰ ਕੀਤੀਆਂ ਹਨ ਜਿਨ੍ਹਾਂ ’ਤੇ ਭਲਕੇ 12 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਜਥੇਬੰਦੀ ਦੇ ਕਾਨੂੰਨੀ ਮਾਮਲਿਆਂ ਬਾਰੇ ਪੈਨਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੈਰੋਲ ਸਬੰਧੀ ਅਰਜ਼ੀਆਂ ਐਡਵੋਕੇਟ ਮਨਜੀਤ ਸਿੰਘ ਛੀਨਾ ਦੇ ਦਸਤਖ਼ਤਾਂ ਹੇਠ ਅਦਾਲਤ ਵਿੱਚ ਦਾਇਰ ਕੀਤੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚੇ ਅਤੇ ਰਿਸ਼ਤੇਦਾਰ ਵੀ ਜੇਲ੍ਹ ਵਿੱਚ ਨਜ਼ਰਬੰਦ ਹਨ। ਤਿੰਨਾਂ ਨੂੰ ਪਰਿਵਾਰਕ ਸੋਗ ਦੀ ਇਸ ਘੜੀ ਵਿੱਚ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ।

14 ਨਵੰਬਰ ਨੂੰ ਪਿੰਡ ਜੱਲੂਪੁਰ ਖੇੜਾ ਵਿੱਚ ਹੋਵੇਗਾ ਸਸਕਾਰ- ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੀਵਾਲੀ ਵਾਲੀ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 84 ਵਰ੍ਹਿਆਂ ਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਮੌਤ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਵੀ ਦਾਖ਼ਲ ਰਹੇ ਸਨ। ਦਾਦੀ ਦੇ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮਾਂ ਤਹਿਤ ਅੰਮ੍ਰਿਤਪਾਲ ਸਿੰਘ ਦੀ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰਵਾਈ ਗਈ ਸੀ। ਅਦਾਲਤ ਵਿੱਚ ਦਾਇਰ ਅਰਜ਼ੀ ਅਨੁਸਾਰ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ 14 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਵੇਗਾ। 15 ਨਵੰਬਰ ਨੂੰ ਅੰਗੀਠਾ ਸੰਭਾਲਣ ਦੀ ਰਸਮ ਹੋਵੇਗੀ, ਜਦੋਂਕਿ 17 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਅਰਜ਼ੀ ਵਿੱਚ ਤਿੰਨਾਂ ਨੂੰ ਇਨ੍ਹਾਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਸਬੰਧਤ ਦਿਨਾਂ ਵਾਸਤੇ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ।

ਅਮਿਤ ਸ਼ਾਹ ਨੂੰ ਵੀ ਭੇਜਿਆ ਪੱਤਰ- ਐਡਵੋਕੇਟ ਪੰਨੂ ਨੇ ਦੱਸਿਆ ਕਿ ਅਰਜ਼ੀਆਂ ਅੱਜ ਦਾਇਰ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ’ਤੇ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਜਥੇਬੰਦੀ ਦੇ ਇੱਕ ਆਗੂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਭੇਜ ਕੇ ਮਾਮਲੇ ਨੂੰ ਮਨੁੱਖੀ ਸੰਵੇਦਨਾ ਦੇ ਆਧਾਰ ’ਤੇ ਵਿਚਾਰਨ ਦੀ ਅਪੀਲ ਕੀਤੀ ਗਈ ਹੈ। ਇਹ ਵੀ ਚਰਚਾ ਹੈ ਕਿ ਸੂਬਾ ਸਰਕਾਰ ਮਾਨਵੀ ਆਧਾਰ ’ਤੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਸਹਿਮਤੀ ਦੇ ਸਕਦੀ ਹੈ। ਹਾਲਾਂਕਿ ਇਸ ਬਾਰੇ ਹਾਲੇ ਕੋਈ ਅਧਿਕਾਰਤ ਫ਼ੈਸਲਾ ਸਾਹਮਣੇ ਨਹੀਂ ਆਇਆ।

Related posts

ਰੂਸ ਵਿਚ ਜਹਾਜ਼ ਨਾਲ ਟੁੱਟਿਆ ਸੰਪਰਕ, ਹਾਦਸਾਗ੍ਰਸਤ ਹੋਣ ਦਾ ਖ਼ਦਸ਼ਾ, 28 ਲੋਕ ਨੇ ਸਵਾਰ

On Punjab

ਰਾਮਲਲਾ ਦੇ ਲਾਈਵ ਦਰਸ਼ਨ ਕਰਵਾ ਕੇ ਡਾਕਟਰਾਂ ਨੇ ਕੀਤੀ ਬ੍ਰੇਨ ਸਰਜਰੀ

On Punjab

ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ

On Punjab