ਪਟਿਆਲਾ- ਪਟਿਆਲਾ ਨਗਰ ਨਿਗਮ ਦੀਆਂ ਮੁੜ ਹੋ ਰਹੀਆਂ ਚੋਣਾਂ ਦੌਰਾਨ ਉਸ ਵੇਲੇ ਤਣਾਅ ਪੈਦਾ ਹੋ ਗਿਆ ਜਦੋਂ ਇੱਕ ਨੌਜਵਾਨ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਬਦਸਲੂਕੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ। ਦੱਸਿਆ ਜਾਂਦਾ ਹੈ ਕਿ ਬਦਸਲੂਕੀ ਤੋਂ ਬਾਅਦ ਨੌਜਵਾਨ ਉੱਥੋਂ ਭੱਜ ਗਿਆ, ਜਿਸ ਦਾ ਕੁਝ ‘ਆਪ’ ਆਗੂਆਂ ਵੱਲੋਂ ਪਿੱਛਾ ਕੀਤਾ ਗਿਆ। ਇਸ ਦੌਰਾਨ ਨੌਜਵਾਨ ਨੂੰ ਥੱਪੜ ਮਾਰੇ ਜਾਣ ਦੇ ਦੋਸ਼ ਹਨ। ਦੱਸਣਾ ਬਣਦਾ ਹੈ ਕਿ ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਵਿਧਾਇਕ ਨਾਲ ਹੋਈ ਤਕਰਾਰ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਨੌਜਵਾਨ ਦੇ ਪਿੱਛੇ ਭੱਜੇ ਵਿਅਕਤੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਘਟਨਾ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਉਨ੍ਹਾਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ ਹੈ ਅਤੇ ਨਾ ਹੀ ਇਸ ਘਟਨਾ ਨਾਲ ਉਨ੍ਹਾਂ ਦਾ ਕੋਈ ਸਬੰਧ ਹੈ।
ਚੋਣਾਂ ਦੌਰਾਨ ਵਾਪਰੀ ਇਸ ਘਟਨਾ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਹਾਲਾਂਕਿ ਘਟਨਾ ਦੇ ਪੂਰੇ ਹਾਲਾਤ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਅਧਿਕਾਰਤ ਪੁਲੀਸ ਪੱਖ ਸਾਹਮਣੇ ਆਉਣਾ ਹਾਲੇ ਬਾਕੀ ਹੈ। ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਵਿਚਾਲੇ ਤਣਾਅ ਦੀਆਂ ਘਟਨਾਵਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ। ਵਿਰੋਧੀ ਪਾਰਟੀਆਂ ਵੱਲੋਂ ਸੱਤਾਧਾਰੀ ਧਿਰ ਦੇ ਸਮਰਥਕਾਂ ’ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਜਾਂਦੇ ਰਹੇ ਹਨ।
30 ਵਾਰਡਾਂ ਵਿੱਚ ਹੋ ਰਹੀ ਮੁੜ ਚੋਣ- ਜ਼ਿਕਰਯੋਗ ਹੈ ਕਿ ਪਟਿਆਲਾ ਨਗਰ ਨਿਗਮ ਦੇ 60 ਵਿੱਚੋਂ 30 ਵਾਰਡਾਂ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਮੁੜ ਚੋਣ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ 21 ਦਸੰਬਰ 2024 ਨੂੰ ਹੋਈਆਂ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਖੋਹਣ, ਉਮੀਦਵਾਰਾਂ ਨੂੰ ਡਰਾਉਣ-ਧਮਕਾਉਣ ਅਤੇ ਹਿੰਸਾ ਦੇ ਦੋਸ਼ ਲੱਗੇ ਸਨ। ਇਨ੍ਹਾਂ ਸ਼ਿਕਾਇਤਾਂ ਮਗਰੋਂ ਅਦਾਲਤ ਨੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਵਾਰ 30 ਵਾਰਡਾਂ ਲਈ 165 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 45 ਆਜ਼ਾਦ ਉਮੀਦਵਾਰ ਵੀ ਸ਼ਾਮਲ ਹਨ। ਕੁੱਲ 1,49,768 ਵੋਟਰਾਂ ਲਈ 123 ਪੋਲਿੰਗ ਬੂਥ ਬਣਾਏ ਗਏ ਹਨ। ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਦੀ ਤਾਇਨਾਤੀ ਕੀਤੀ ਗਈ ਸੀ।ਪਹਿਲਾਂ ਵੀ ਹੋ ਚੁੱਕੀਆਂ ਹਨ ਹਿੰਸਕ ਘਟਨਾਵਾਂ ਇਸ ਤੋਂ ਪਹਿਲਾਂ ਵਾਰਡ ਨੰਬਰ 1 ਵਿੱਚ ‘ਆਪ’ ਅਤੇ ਭਾਜਪਾ ਨਾਲ ਜੁੜੇ ਦੋ ਪਰਿਵਾਰਾਂ ਵਿਚਾਲੇ ਝੜਪ ਹੋਈ ਸੀ, ਜਿਸ ਵਿੱਚ ਦੋ ਬੱਚਿਆਂ ਸਮੇਤ ਪੰਜ ਜਣੇ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਵੀ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਤਿੱਖੀ ਬਿਆਨਬਾਜ਼ੀ ਹੋਈ ਸੀ।

