PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਇਹ ਗੱਠਜੋੜ ਨਹੀਂ, ਠੱਗਜੋੜ ਹੈ: ਭਗਵੰਤ ਮਾਨ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਹੀਂ, ਠੱਗਜੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਅੰਦਰੂਨੀ ਸਹਿਮਤੀ ਨਾਲ ਸਿਆਸਤ ਕੀਤੀ ਜਾਂਦੀ ਸੀ, ਜਿਸ ਵਿੱਚ ਪੰਜ ਸਾਲ ਤੂੰ ਅਤੇ ਪੰਜ ਸਾਲ ਮੈਂ ਦੀ ਸਿਆਸਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ’ਤੇ ਯਕੀਨ ਨਾ ਕਰਿਓ। ‘ਆਪ’ ਆਮ ਲੋਕਾਂ ਦੀ ਪਾਰਟੀ ਹੈ, ਜਿਸ ਵੱਲੋਂ ਲੋਕਾਂ ਲਈ ਕੰਮ ਕੀਤਾ ਜਾਂਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੇ ਲੋਕਾਂ ਨੂੰ ਮੂਰਖ ਬਣਾਉਣ ਦਾ ਠੇਕਾ ਲੈ ਲਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਬਣਾਏ ਤਾਂ ਪਹਿਲਾਂ ਅਕਾਲੀ ਦਲ ਨੇ ਕਾਨੂੰਨਾਂ ਦੀ ਸ਼ਲਾਘਾ ਕੀਤੀ, ਪਰ ਜਦੋਂ ਕਿਸਾਨਾਂ ਸਣੇ ਦੇਸ਼ ਤੇ ਦੁਨੀਆ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਹਰਸਿਮਰਤ ਕੌਰ ਤੋਂ ਅਸਤੀਫ਼ਾ ਦਿਵਾਇਆ ਅਤੇ ਭਾਜਪਾ ਤੋਂ ਵੱਖਰੇ ਹੋ ਕੇ ਭਾਜਪਾ ਵਿਰੁੱਧ ਬੋਲਣ ਲੱਗ ਪਏ। ਇਸ ਤੋਂ ਬਾਅਦ ਭਾਜਪਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦਾ ਦਾਅਵਾ ਕੀਤਾ। ਪੰਜਾਬ ਨਾਲ ਹਮੇਸ਼ਾ ਧੱਕਾ ਕਰਨ ਵਾਲੀ ਭਾਜਪਾ ਨਾਲ ਅਕਾਲੀ ਦਲ ਕਿਹੜੇ ਮੂੰਹ ਨਾਲ ਸਮਝੌਤਾ ਕਰ ਰਿਹਾ ਹੈ? ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਖ਼ੁਦ ਦਾਅਵਾ ਕਰਦੇ ਸਨ ਕਿ ਭਾਜਪਾ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਦੀ ਸਰਕਾਰ ਸੀ। ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਨੇ ਪੈਰ ਪਸਾਰੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਨਹੁੰ-ਮਾਸ ਦਾ ਰਿਸ਼ਤਾ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਕੋਈ ਆਪਣੇ ਨਹੁੰ ਨੂੰ ਮਾਸ ਤੋਂ ਵੱਖ ਨਹੀਂ ਕਰਦਾ। ਅਕਾਲੀ ਦਲ ਵੱਲੋਂ ਇਹ ਪੰਜਾਬ ਨੂੰ ਨਹੀਂ ਬਲਕਿ ਪਰਿਵਾਰ ਨੂੰ ਬਚਾਉਣ ਲਈ ਸਮਝੌਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾਅਵਾ ਕਰ ਰਹੀ ਹੈ ਕਿ 31 ਦਸੰਬਰ 2029 ਤੱਕ ਨਸ਼ਿਆਂ ਦਾ ਖ਼ਾਤਮਾ ਕਰ ਦੇਵਾਂਗੇ, ਪਰ ਹੁਣ ਕੇਂਦਰ ਸਰਕਾਰ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਕੁਝ ਨਹੀਂ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਤੇ ਮਾਵਾਂ-ਧੀਆਂ ਨਾਲ ਸਮਝੌਤਾ ਕੀਤਾ ਹੈ, ਜਿਨ੍ਹਾਂ ਵਿੱਚ 90 ਫ਼ੀਸਦ ਲੋਕਾਂ ਦਾ ਬਿਜਲੀ ਬਿੱਲ ਨਹੀਂ ਆਉਂਦਾ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮਿਲ ਰਿਹਾ ਹੈ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਮਿਲ ਰਹੀ ਹੈ ਅਤੇ ਬੱਚਿਆਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਆਪਣੀ ਖੋਹੀ ਹੋਈ ਜ਼ਮੀਨ ਦੀ ਭਾਲ ਕਰ ਰਹੀ ਹੈ। ਇਸੇ ਕਰਕੇ ਆਪਸ ਵਿੱਚ ਗੱਠਜੋੜ ਕਰਨ ਲੱਗੀ ਹੋਈ ਹੈ, ਪਰ ਹੁਣ ਇਨ੍ਹਾਂ ਨੂੰ ਪਹਿਲਾਂ ਜਿੰਨੀਆਂ ਵੋਟਾਂ ਵੀ ਨਹੀਂ ਪੈਣਗੀਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਪੰਜਾਬ ਲਈ ਕੁਝ ਕਰਨਾ ਹੁੰਦਾ ਤਾਂ ਉਹ ਪਹਿਲਾਂ ਹੀ ਕਰ ਦਿੰਦੇ, ਪਰ ‘ਆਪ’ ਲੋਕਾਂ ਦੀ ਸੇਵਾ ਵਿੱਚ ਲਗਾਤਾਰ ਲੱਗੀ ਹੋਈ ਹੈ ਅਤੇ ਹਮੇਸ਼ਾ ਲੋਕਾਂ ਦੀ ਸੇਵਾ ਕਰਦੀ ਰਹੇਗੀ।

Related posts

CAA-NRC ‘ਤੇ JDU ਦੇ ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਗਾਂਧੀ ਨੂੰ ਕਿਉਂ ਕਿਹਾ- ‘ਧੰਨਵਾਦ’

On Punjab

COP29 ‘ਤੇ ਹਾਵੀ ਹੋਵੇਗਾ ਦਿੱਲੀ ਪ੍ਰਦੂਸ਼ਣ ਦਾ ਮੁੱਦਾ; ਦੇਸ਼ ਦੇ ਕਈ ਸ਼ਹਿਰਾਂ ‘ਚ AQI 500 ਤੋਂ ਪਾਰ, ਮਾਹਿਰਾਂ ਨੇ ‘health emergency’ ਦਾ ਕੀਤਾ ਐਲਾਨ

On Punjab

ਈ ਡੀ ਵੱਲੋਂ ਸਾਬਕਾ ਮੁੱਖ ਸਕੱਤਰ Anurag Verma ਨੂੰ 31 ਨੂੰ ਪੇਸ਼ ਹੋਣ ਲਈ ਸੰਮਨ

On Punjab