ਨਵੀਂ ਦਿੱਲੀ- ਉਪ ਰਾਸ਼ਟਰਪਤੀ ਚੋਣ: ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਬੁੱਧਵਾਰ ਨੂੰ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਸੰਸਦ ਕੰਪਲੈਕਸ ਵਿੱਚ ਸਥਿਤ ਪ੍ਰੇਰਨਾ ਸਥਲ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ।
ਪ੍ਰੇਰਨਾ ਸਥਲ ਵਿੱਚ ਉੱਘੀਆਂ ਸ਼ਖਸੀਅਤਾਂ ਦੀਆਂ ਮੂਰਤੀਆਂ ਸਥਾਪਿਤ ਹਨ। ਇਸ ਦੌਰਾਨ, ਕੇਂਦਰੀ ਮੰਤਰੀ ਅਤੇ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਦੇ ਹੋਰ ਆਗੂ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਨੇ ਪਹਿਲਾਂ ਮਹਾਤਮਾ ਗਾਂਧੀ ਦੀ ਵਿਸ਼ਾਲ ਮੂਰਤੀ ਅੱਗੇ ਮੱਥਾ ਟੇਕਿਆ ਅਤੇ ਫਿਰ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਦਨ ਦੀ ਤਾਕਤ ਦੇ ਹਿਸਾਬ ਨਾਲ ਉਪ ਰਾਸ਼ਟਰਪਤੀ ਚੋਣ ਵਿੱਚ ਰਾਧਾਕ੍ਰਿਸ਼ਨਨ ਦੀ ਚੋਣ ਲਗਪਗ ਤੈਅ ਹੈ। ਵਿਰੋਧੀ ਗੱਠਜੋੜ ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਨੂੰ ਉਪ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।

