ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ12 ਜ਼ਿਲ੍ਹਿਆਂ ਉੱਤੇ ਆਧਾਰਿਤ 30 ਮੈਂਬਰੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਮੁੱਖ ਦਫਤਰ ਅੰਮ੍ਰਿਤਸਰ ਪਿੰਡ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਚੀਫ ਸਕੱਤਰ ਕਰਨ ਅਵਤਾਰ ਸਿੰਘ ਦੇ ਦਸਖ਼ਤਾਂ ਹੇਠ ਲੈਟਰਹੈਡ ਉਸਦੇ ਮੰਨੀਆਂ ਹੋਈਆਂ 14 ਮੰਗਾਂ ਨੂੰ 12 ਫਰਵਰੀ ਨੂੰ ਮੁੱਖ ਮੰਤਰੀ ਨਾਲ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਲਾਗੂ ਕੀਤੀਆਂ ਜਾਣ । ਇਸ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਕੀਤੇ ਚੋਣ ਵਾਅਦਿਆਂ ਤੋਂ ਭੱਜੀ ਕੈਪਟਨ ਸਰਕਾਰ ਤੇ (A.P.M.C)ਵਿੱਚ ਸੋਧਾਂ ਕਰਕੇ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਖੇਤੀ ਮੰਡੀ ਨਿੱਜੀ ਕੰਪਨੀਆਂ ਦੇ ਹਵਾਲੇ ਕਰਕੇ ਕਣਕ ਝੋਨੇ ਦੀ ਕੀਤੀ ਜਾ ਰਹੀ ਸਰਕਾਰੀ ਖਰੀਦ ਤੋਂ ਹੱਥ ਖਿੱਚਣ ਵਾਲੀ ਕੇਂਦਰ ਸਰਕਾਰ ਵਿਰੁੱਧ ਮੀਟਿੰਗ ਵਿੱਚ ਮਤਾ ਪਾਸ ਕਰਕੇ ਫੈਸਲਾ ਕੀਤਾ ਗਿਆ ਕਿ 14 ਫਰਵਰੀ ਦੋਵਾਂ ਸਰਕਾਰਾਂ ਖਿਲਾਫ ਆਰ ਪਾਰ ਦਾ ਵਿਆਪਕ ਅੰਦੋਲਨ ਵਿੱਢਣ ਦਾ ਐਲਾਨ ਕਰ ਦਿੱਤਾ ਜਾਵੇਗਾ। ਸੂਬਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਨੇ ਮੀਟਿੰਗ ਵਿੱਚ ਹੋਰ ਮਤੇ ਪਾਸ ਕਰਕੇ ਕੀਤੀਆਂ ਮੰਗਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਮਾਰੂ ਮਹਿੰਗੀ ਬਿਜਲੀ ਖ਼ਰੀਦ ਕੀਤੇ ਸਮਝੌਤੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਰੱਦ ਕਰੇ, ਕਿਉਂਕਿ ਬਿਜਲੀ ਰਾਜਾਂ ਦੀ ਸੀਮਾ ਵਰਤੀ ਸੂਚੀ ਵਿੱਚ ਸ਼ਾਮਿਲ ਹੈ ਤੇ ਹੁਣ ਤਾਂ ਪ੍ਰਮੁੱਖ ਸਕੱਤਰ ਕਰਨਬੀਰ ਸਿੰਘ ਸਿੱਧੂ ਨੇ ਵੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਜਥੇਬੰਦੀ ਵੱਲ ਪੰਜਾਬ ਦੇ ਖਪਤਕਾਰਾਂ ਨੂੰ ਸਸਤੀ ਬਿਜਲੀ ਦੇਣ ਤੇ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ ਉੱਤੇ ਮੋਹਰ ਲਾ ਦਿੱਤੀ ਹੈ।
ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੀ ਮੂਲ ਭਾਵਨਾ ਦੇ ਉਲਟ ਧਰਮਾਂ ਦੇ ਆਧਾਰ ਫਿਰਕੂ ਏਜੰਡਾ ਲਾਗੂ ਕਰਦਿਆਂ ਪਾਸ ਕੀਤੇ ਕਾਲੇ ਕਾਨੂੰਨ C.A.A, N.R.C, N.P.R ਤੁਰੰਤ ਰੱਦ ਕੀਤੇ ਜਾਣ ਤੇ ਸ਼ਾਂਤਮਈ ਧਰਨਾ ਦੇ ਰਹੀ ਪੀੜਤ ਜਨਤਾ ਉਤੇ ਗੋਲੀ ਚਲਾਉਣ ਤੇ ਜਮਹੂਰੀ ਹੱਕ ਕੁਚਲਣ ਦੇ ਭਾਜਪਾ ਆਗੂਆਂ ਵੱਲੋਂ ਦਿੱਤੇ ਜਾ ਰਹੇ ਖ਼ਤਰਨਾਕ ਬਿਆਨਾਂ ਦੀ ਸਖਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਕਿ ਇਹਨਾਂ ਉੱਤੇ ਦੇਸ਼ ਧਰੋਹ ਦੇ ਪਰਚੇ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇ ਤੇ ਸੂਬਾ ਕਮੇਟੀ ਵੱਲੋਂ ਸ਼ਹੀਨ ਬਾਗ ਸਮੇਤ ਦੇਸ਼ ਭਰ ਵਿੱਚ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਅੰਦੋਲਨਾਂ ਦੀ ਡੱਟਵੀਂ ਹਮਾਇਤ ਕੀਤੀ ਗਈ ਤੇ ਇੱਕਮੁੱਠਤਾ ਜਾਹਰ ਕੀਤੀ ਗਈ। ਮੀਟਿੰਗ ਵਿੱਚ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਤਰਨਤਾਨ ਜ਼ਿਲ੍ਹੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਅੰਮ੍ਰਿਤਸਰ ਦੇ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ,ਗੁਰਦਾਸਪੁਰ ਦੇ ਪ੍ਰਧਾਨ ਰਣਬੀਰ ਸਿੰਘ ਡੁੱਗਰੀ, ਹੁਸ਼ਿਆਰਪੁਰ ਦੇ ਪ੍ਰਧਾਨ ਕੁਲਦੀਪ ਸਿੰਘ ਟਾਹਲੀ, ਫਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਆਗੂ ਸੁਰਿੰਦਰ ਸਿੰਘ ਜਲਾਲਾਬਾਦ,ਮੋਗਾ ਜ਼ਿਲ੍ਹੇ ਦੇ ਆਗੂ ਕਸ਼ਮੀਰ ਸਿੰਘ ਫ਼ਤਿਹਗੜ੍ਹ ਪੰਜਤੂਰ, ਰੋਪੜ ਜ਼ਿਲ੍ਹੇ ਦੇ ਆਗੂ ਅਮਰੀਕ ਸਿੰਘ ਢੰਗਰਾਲੀ, ਜਲੰਧਰ ਜ਼ਿਲ੍ਹੇ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਸਰਵਨ ਸਿੰਘ ਬਾਊਪੁਰ, ਮੁਹਾਲੀ ਜ਼ਿਲ੍ਹੇ ਦੇ ਪ੍ਰਧਾਨ ਹਰਜੀਤ ਸਿੰਘ,ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਦੇਸ ਰਾਜ ਸਿੰਘ ਆਦਿ ਆਗੂ ਮੌਜੂਦ ਸਨ।