69.39 F
New York, US
August 4, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨ

ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨਾਲ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਅਸਥਾਨ ’ਤੇ ਪੰਜਾਬ ਦੀ ਭਲਾਈ ਅਤੇ ਤਰੱਕੀ ਦੀ ਅਰਦਾਸ ਕਰਨ ਆਏ ਹਨ। ਮੁੱਖ ਮੰਤਰੀ ਸ੍ਰੀ ਮਾਨ ਨੇ ਲੈਂਡ ਪੂਲਿੰਗ ਨੀਤੀ ਦੇ ਹੋ ਰਹੇ ਵਿਰੋਧ ਬਾਰੇ ਪੁੱਛੇ ਸਵਾਲ ’ਤੇ ਕਿਹਾ ਕਿ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ। ਕਿਸਾਨਾਂ ਦੀ ਸਹਿਮਤੀ ਮਗਰੋਂ ਜ਼ਮੀਨ ਲਈ ਜਾਵੇਗੀ।

ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਖਰੜ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਰਣਜੀਤ ਸਿੰਘ ਗਿੱਲ ’ਤੇ ਵਿਜੀਲੈਂਸ ਛਾਪੇ ਬਾਰੇ ਉਨ੍ਹਾਂ ਕਿਹਾ ਕਿ ਇਸ ਵਿੱਚ ਸਰਕਾਰ ਦੀ ਕੋਈ ਦਖਲਅੰਦਾਜ਼ੀ ਨਹੀਂ ਹੈ ਸਗੋਂ ਕਾਨੂੰਨ ਆਪਣਾ ਕੰਮ ਖੁਦ ਕਰੇਗਾ।

ਸ੍ਰੀ ਮਾਨ ਨੇ ਦੱਸਿਆ ਕਿ ਚਮਕੌਰ ਸਾਹਿਬ ਦੇ ਸਬ ਡਿਵੀਜ਼ਨਲ ਹਸਪਤਾਲ ਨੂੰ ਵੀ ਜਲਦੀ ਹੀ ਹਲਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੂਰੇ ਇਲਾਕੇ ਵਿੱਚ ਮੁੱਖ ਮੰਤਰੀ ਵੱਲੋਂ ਇੱਥੇ ਬਣੇ 50 ਬੈੱਡਾਂ ਦੇ ਸਬ-ਡਿਵੀਜ਼ਨਲ ਪੱਧਰ ਤੇ ਹਸਪਤਾਲ ਦੇ ਉਦਘਾਟਨ ਕਰਨ ਦੀਆਂ ਕਿਆਸ ਅਰਾਈਆਂ ਸਨ, ਪਰ ਉਨ੍ਹਾਂ ਨੇ ਆਪਣਾ ਦੌਰਾ ਸਿਰਫ਼ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੱਕ ਹੀ ਸੀਮਤ ਰੱਖਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀਆਈਜੀ ਹਰਚਰਨ ਸਿੰਘ ਭੁੱਲਰ, ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਨਾ,ਐਸਡੀਐਮ ਅਮਰੀਕ ਸਿੰਘ ਸਿੱਧੂ ਆਦਿ ਹਾਜ਼ਰ ਸਨ। ਇਸ ਮੌਕੇ ਪਿੰਡ ਧੌਲਰਾਂ ਵਿੱਚ ਲੱਗ ਰਹੀ ਪੇਪਰ ਮਿੱਲ ਦਾ ਵਿਰੋਧ ਕਰਨ ਵਾਲੇ ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਮਿੱਲ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ।

ਪੁਲੀਸ ’ਤੇ ਕਿਸਾਨਾਂ ਨਾਲ ਧੱਕੇ ਮਾਰਨ ਦਾ ਦੋਸ਼- ਕੁੱਝ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਲੈਂਡ ਪੂਲਿੰਗ ਨੀਤੀ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਧੱਕੇ ਮਾਰੇ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਸ ਜ਼ਾਹਿਰ ਕੀਤਾ। ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈਕੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਖਾਲਸਾ ਸਕੂਲ ਵਿੱਚ ਤਾਂ ਸਵੇਰੇ ਛੁੱਟੀ ਕਰ ਦਿੱਤੀ ਗਈ ਅਤੇ ਕੇਵਲ ਤੀਜ ਮਨਾ ਰਹੀਆਂ ਲੜਕੀਆਂ ਤੇ ਅਧਿਆਪਕ ਹੀ ਸਕੂਲ ਵਿਚ ਹਾਜ਼ਰ ਸਨ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਪੋ-ਆਪਣੀਆਂ ਮੰਗਾਂ ਸਬੰਧੀ ਪੁੱਜੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਦੇ ਨੇੜੇ ਫਟਕਣ ਨਹੀਂ ਦਿੱਤਾ, ਜਿਸ ਕਾਰਨ ਬਹੁਤ ਸਾਰੇ ਆਗੂ ਪੁਲੀਸ ਅਧਿਕਾਰੀਆਂ ਨਾਲ ਬਹਿਸ ਕਰਦੇ ਰਹੇ। ਇਸੇ ਦੌਰਾਨ ਬਿਜਲੀ ਬੋਰਡ ਦੇ ਆਊਟਸੋਰਸ ਕਾਮਿਆਂ ਨੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Related posts

ਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜ

On Punjab

ਟਰੰਪ ਨੇ ਪੂਤਿਨ ਨੂੰ ਕਾਲ ਕਰ ਕੇ ਯੂਕਰੇਨ ਜੰਗ ਦੇ ਖ਼ਾਤਮੇ ’ਤੇ ਦਿੱਤਾ ਜ਼ੋਰ: ਰਿਪੋਰਟ

On Punjab

ਟਰੰਪ ਦੀ ਜਿੱਤ ਪਿੱਛੇ ਰੂਸ ਦਾ ਹੱਥ ? ਨਵਾਂ ਪੁਆੜਾ ਪਾਉਣਗੇ ਮੂਲਰ ਦੇ ਖੁਲਾਸੇ?

On Punjab