ਚੰਡੀਗੜ੍ਹ- ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ 25.72 ਕਿਲੋਮੀਟਰ ਲੰਬੇ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਲਈ 764 ਕਰੋੜ ਰੁਪਏ ਦੇ ਕੁੱਲ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ ਜ਼ਮੀਨ ਪ੍ਰਾਪਤੀ ਲਈ 165 ਕਰੋੜ ਰੁਪਏ ਸ਼ਾਮਲ ਹਨ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੂੰ ਮਨਜ਼ੂਰੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਬੁੱਧਵਾਰ ਨੂੰ ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕੀਤੀ। ਸੂਤਰਾਂ ਨੇ ਦੱਸਿਆ ਕਿ ਇਹ ਨਵਾਂ ਪ੍ਰਾਜੈਕਟ ਰਣਨੀਤਕ ਪੱਖੋਂ ਬਹੁਤ ਅਹਿਮ ਹੈ ਤੇ ਨਵਾਂ ਰੇਲ ਸੈਕਸ਼ਨ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਚਕਾਰ ਸਿੱਧਾ ਸੰਪਰਕ ਪ੍ਰਦਾਨ ਕਰੇਗਾ, ਜਿਸ ਨਾਲ ਦੋਵਾਂ ਸ਼ਹਿਰਾਂ ਵਿਚਕਾਰ ਦੂਰੀ 98 ਕਿਲੋਮੀਟਰ ਘੱਟ ਜਾਵੇਗੀ। ਇਹ ਲਾਈਨ ਸਰਹੱਦੀ ਜ਼ਿਲ੍ਹੇ ਨੂੰ ਗੁਜਰਾਤ ਦੀਆਂ ਬੰਦਰਗਾਹਾਂ ਨਾਲ ਸਿੱਧਾ ਜੋੜੇਗੀ, ਜਿਸ ਨਾਲ ਖੇਤਰ ਵਿੱਚ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ।

