ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਦੇ ਸੈਕਟਰ 83 ਵਿੱਚ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਮਿਲੀਅਨ ਗੈਲਨ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੋਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ, ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਤਕਨਾਲੋਜੀ ਵਰਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੀ ਪਾਣੀ ਨੂੰ ਬਚਾਉਣ ਅਤੇ ਸਾਂਭਣ ਲਈ ਪੂਰੀ ਸ਼ਿੱਦਤ ਨਾਲ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ, ਹਵਾ ਤੇ ਜ਼ਮੀਨ ਦੀਆਂ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਅਣਗੌਲਿਆ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮਸਲਿਆਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੋਂ ਗਮਾਡਾ ਦੇ ਉੱਚ ਅਧਿਕਾਰੀ ਅਤੇ ਪੁਲੀਸ ਦੇ ਅਧਿਕਾਰੀ ਹਾਜ਼ਰ ਸਨ।
previous post