ਟੋਰਾਂਟੋ- ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ 30 ਸਾਲਾ ਭਾਰਤੀ ਮੂਲ ਦੀ ਔਰਤ ਹਿਮਾਂਸ਼ੀ ਖੁਰਾਣਾ ਦਾ ਕਤਲ ਕਰ ਦਿੱਤਾ ਗਿਆ। ਟੋਰਾਂਟੋ ਪੁਲੀਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ, ਹਿਮਾਂਸ਼ੀ ਦੀ ਲਾਸ਼ ਸ਼ਨੀਵਾਰ ਨੂੰ ਇੱਕ ਰਿਹਾਇਸ਼ੀ ਇਲਾਕੇ ਵਿੱਚੋਂ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ, ਜਿਸ ਤੋਂ ਅਗਲੇ ਹੀ ਦਿਨ ਪੁਲੀਸ ਨੂੰ ਉਸ ਦੀ ਮ੍ਰਿਤਕ ਦੇਹ ਮਿਲੀ।
ਪੁਲੀਸ ਨੇ ਇਸ ਕਤਲ ਕੇਸ ਵਿੱਚ 32 ਸਾਲਾ ਅਬਦੁਲ ਗਫੂਰੀ ਨੂੰ ਮੁੱਖ ਸ਼ੱਕੀ ਵਜੋਂ ਨਾਮਜ਼ਦ ਕੀਤਾ ਹੈ। ਗਫੂਰੀ ਵੀ ਟੋਰਾਂਟੋ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦੇ ਖ਼ਿਲਾਫ਼ ‘ਫਸਟ ਡਿਗਰੀ ਮਰਡਰ’ (ਪਹਿਲੇ ਦਰਜੇ ਦੇ ਕਤਲ) ਦੇ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਪੁਲੀਸ ਵੱਲੋਂ ਸ਼ੱਕੀ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਟੋਰਾਂਟੋ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਅਤੇ ਹੈਰਾਨੀ ਦਾ ਪ੍ਰਗਟਾਵਾ ਕੀਤਾ ਹੈ। ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਹਾਈ ਕਮਿਸ਼ਨ ਨੇ ਇਸ ਕਤਲ ਨੂੰ ‘ਬੇਹੱਦ ਦੁਖਦਾਈ’ ਅਤੇ ‘ਪ੍ਰੇਸ਼ਾਨ ਕਰਨ ਵਾਲਾ’ ਦੱਸਿਆ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਇਸ ਮਾਮਲੇ ’ਤੇ ਨਜ਼ਰ ਰੱਖ ਰਹੇ ਹਨ ਅਤੇ ਜਾਂਚ ਦੌਰਾਨ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਣਗੇ।

