ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਦਿਹਾਤੀ ਨਾਲ ਸਬੰਧਤ ਮਿਉਂਸਿਪਲ ਕੌਂਸਲਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ ਜਿਸ ਦੌਰਾਨ ਮੁੱਖ ਤੌਰ ’ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਆਪਣੀ ਹੀ ਪਾਰਟੀ ਦੀ ਸਰਕਾਰ ਦੌਰਾਨ ਸਿਹਤ ਮੰਤਰੀ ਦੇ ਹਲਕੇ ਦੀਆਂ ਸੜਕਾਂ ਦੀ ਖਸਤਾ ਹਾਲਤ, ਸੀਵਰੇਜ ਪ੍ਰਣਾਲੀ ਵਿੱਚ ਆ ਰਹੀਆਂ ਦਿੱਕਤਾਂ ਅਤੇ ਸਟਰੀਟ ਲਾਈਟਾਂ ਦੀ ਕਮੀ ਸਮੇਤ ਹੋਰ ਮੁੱਦੇ ਵੀ ਉਠਾਏ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ ਅਤੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੀ ਮੌਜੂਦ ਸਨ। ਇਸ ਦੌਰਾਨ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰ ਕੇ ਕੰਮ ਕਰਨ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਜ਼ਿੰਮੇਵਾਰੀ ਹੈ। ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਮਿਲਜੁਲ ਕੇ ਯਤਨ ਕਰਨ ਅਤੇ ਕੋਤਾਹੀ ਕਰਨ ਵਾਲੇ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇ।
ਇਸ ਦੌਰਾਨ ਮੰਤਰੀ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਦਿਆਂ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪੱਕਾ ਕਰਨ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਅਤੇ ਲੁੱਕ ਪਾਉਣ ਲਈ ਵੀ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ। ਮੀਟਿੰਗ ਦੌਰਾਨ ਐੱਲ ਐਂਡ ਟੀ ਨਾਲ ਜੁੜੇ ਪ੍ਰਾਜੈਕਟਾਂ ਬਾਬਤ ਵੀ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਡੇਅਰੀਆਂ ਦਾ ਮਸਲਾ ਵਿਚਾਰਦਿਆਂ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਡੇਅਰੀ ਮਾਲਕਾਂ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਲਈ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰੇਕ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕਰਦਿਆਂ ਸਿਹਤ ਮੰਤਰੀ ਨੇ ਕੋਤਾਹੀ ਜਾਂ ਦੇਰੀ ਬਰਦਾਸ਼ਤ ਨਾ ਕਰਨ ਸਬੰਧੀ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਐੱਨ ਓ ਸੀ ਜਾਰੀ ਹੋਣ ਵਾਲੇ ਕੰਮ ਤੁਰੰਤ ਮੁਕੰਮਲ ਕੀਤੇ ਜਾਣ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ, ਸੀਵਰੇਜ ਲਾਈਨਾਂ ਦੀ ਸਫ਼ਾਈ, ਸਟਰੀਟ ਲਾਈਟਾਂ ’ਚ ਸੁਧਾਰ ਅਤੇ ਪਾਰਕਾਂ ਦੀ ਸਾਂਭ ਸੰਭਾਲ ਲਈ ਵੀ ਯੋਜਨਾ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਹਰ ਵਾਰਡ ਅਨੁਸਾਰ ਕੰਮਾਂ ਦੀ ਲਿਸਟ ਤਿਆਰ ਕੀਤੀ ਜਾਵੇ ਤਾਂ ਜੋ ਕੰਮ ਵਿੱਚ ਪਾਰਦਰਸ਼ਤਾ ਆ ਸਕੇ। ਉਨ੍ਹਾਂ ਕਿਹਾ ਕਿ ਕੰਮ ਦੀ ਪ੍ਰਗਤੀ ਦੀ ਹਰ ਹਫ਼ਤੇ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ।

