ਖਰੜ- ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਿਆਸਤ ਛੱਡਣ ਦੇ ਕਾਰਨਾਂ ਦਾ ਫੌਰੀ ਪਤਾ ਨਹੀਂ ਲੱਗ ਸਕਿਆ ਹੈ।
ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ|’’
ਗਾਇਕਾ ਤੋਂ ਸਿਆਸਤਦਾਨ ਬਣੀ ਅਨਮੋਲ ਗਗਨ ਮਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਜਿੱਤੀ ਸੀ। ਉਹ ਮੰਤਰੀ ਵੀ ਬਣੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਦਾ ਚਾਰਜ ਸੰਭਾਲਿਆ। ਹਾਲਾਂਕਿ ਪਿਛਲੇ ਸਾਲ ਭਗਵੰਤ ਮਾਨ ਸਰਕਾਰ ਨੇ ਮਾਨ ਸਮੇਤ ਚਾਰ ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਂਟੀ ਕਰ ਦਿੱਤੀ ਸੀ। ਮਾਨ ‘ਸੂਟ’, ‘ਘੈਂਟ ਪਰਪਜ਼’ ਅਤੇ ‘ਸ਼ੇਰਨੀ’ ਵਰਗੇ ਗੀਤਾਂ ਲਈ ਮਸ਼ਹੂਰ ਹੈ।