ਅੰਮ੍ਰਿਤਸਰ- ਗਣਤੰਤਰ ਦਿਵਸ ਸਮਾਗਮਾਂ ਤੋਂ ਠੀਕ ਪਹਿਲਾਂ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਪਾਸੋਂ ਇੱਕ ਹੈਂਡ ਗ੍ਰਨੇਡ, ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਪੁਲੀਸ ਦਾ ਦਾਅਵਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਸੁਰੱਖਿਆ ਸੰਸਥਾਨ ’ਤੇ ਹੋਣ ਵਾਲੇ ਸੰਭਾਵੀ ਹਮਲੇ ਨੂੰ ਸਮੇਂ ਸਿਰ ਟਾਲ ਦਿੱਤਾ ਗਿਆ ਹੈ।
ਜਾਂਚ ਮੁਤਾਬਕ, ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਿਸ਼ਾਨ ਜੌੜੀਆ, ਆਦੇਸ਼ ਜਮਾਰਾਏ ਅਤੇ ਸਿੰਮਾ ਦਿਓਲ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਹੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਫਿਰਾਕ ਵਿੱਚ ਸੀ। ਇਸ ਸਬੰਧੀ SSOC ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲੀਸ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

