ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਇਸ ਸਮੇਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਰਕਰ ਵਜੋਂ ਕੰਮ ਕਰ ਰਹੇ ਹਨ ਅਤੇ ਅਜਿਹਾ ਕਰਕੇ ਉਹ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ। ਸੁਖਬੀਰ ਬਾਦਲ ਨੇ ਸਰਕਾਰ ਨੂੰ ਸਿੱਧੀ ਅਤੇ ਖੁੱਲ੍ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਧਰਮ ਨੂੰ ਸਿਆਸਤ ਲਈ ਵਰਤਣਾ ਬੰਦ ਕੀਤਾ ਜਾਵੇ। ਜੇਕਰ ਹਿੰਮਤ ਹੈ ਤਾਂ ਸਿੱਧਾ ਮੇਰੇ ’ਤੇ ਕਾਰਵਾਈ ਕਰੋ, ਮੈਂ ਤੁਹਾਡੀਆਂ ਅਜਿਹੀਆਂ ਗਿੱਦੜ-ਧਮਕੀਆਂ ਤੋਂ ਕਿਸੇ ਵੀ ਕੀਮਤ ’ਤੇ ਡਰਨ ਵਾਲਾ ਨਹੀਂ ਹਾਂ।
ਸੁਖਬੀਰ ਬਾਦਲ ਨੇ ਕਿਹਾ ਕਿ ਨਹਿਰੀ ਮਾਮਲਿਆਂ ਦੇ ਗੰਭੀਰ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਨਿਰੰਤਰ ਵਧ ਰਿਹਾ ਹੈ, ਪਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਸਰਕਾਰ ਪੂਰੀ ਤਰ੍ਹਾਂ ਅਵੇਸਲੀ ਬਣੀ ਬੈਠੀ ਹੈ ਅਤੇ ਕਿਸੇ ਵੱਡੇ ਖ਼ਤਰੇ ਨੂੰ ਸੱਦਾ ਦੇ ਰਹੀ ਹੈ।

