PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚੋਣ ਕਮਿਸ਼ਨ ਵੱਲੋਂ ਪੰਜਾਬ ਸਣੇ ਪੰਜ ਸੂਬਿਆਂ ’ਚ ਸੇਵਾਮੁਕਤ ਮੁਲਾਜ਼ਮਾਂ ’ਤੇ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਲਾਗੂ

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਅੱਜ ਪੰਜਾਬ ਸਮੇਤ ਪੰਜ ਚੋਣਾਂ ਵਾਲੇ ਸੂਬਿਆਂ ਵਿੱਚ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਵੀ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਸੂਬਿਆਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਸ਼ਾਮਲ ਹਨ। ਇਹ ਪਾਬੰਦੀਆਂ ਉਨ੍ਹਾਂ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਲਾਗੂ ਹੋਣਗੀਆਂ, ਜਿਨ੍ਹਾਂ ਨੂੰ ਸੂਬਾ ਸਰਕਾਰਾਂ ਨੇ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਕੀਤਾ ਹੋਇਆ ਹੈ।

ਚੋਣ ਕਮਿਸ਼ਨ ਨੇ ਇਸ ਸਬੰਧੀ ਪੰਜਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਕਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਤੋਂ ਪਹਿਲਾਂ ਹੀ ਉਮੀਦ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਚੋਣ ਪ੍ਰਚਾਰ ਜਾਂ ਸਿਆਸੀ ਮੁਹਿੰਮ ਵਿੱਚ ਹਿੱਸਾ ਨਾ ਲੈਣ। ਉਨ੍ਹਾਂ ਨੂੰ ਆਪਣੇ ਨਾਂ, ਅਹੁਦੇ ਜਾਂ ਅਧਿਕਾਰ ਦੀ ਵਰਤੋਂ ਕਿਸੇ ਇੱਕ ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਹੱਕ ਵਿੱਚ ਨਹੀਂ ਕਰਨ ਦੇਣੀ ਚਾਹੀਦੀ।

ਸੇਵਾਮੁਕਤ ਅਧਿਕਾਰੀਆਂ ’ਤੇ ਵੀ ਲਾਗੂ ਹੋਣਗੀਆਂ ਪਾਬੰਦੀਆਂ- ਕਮਿਸ਼ਨ ਨੇ ਕਿਹਾ ਕਿ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਸਰਕਾਰ ਤੋਂ ਪੂਰੀ ਜਾਂ ਅੰਸ਼ਕ ਤੌਰ ’ਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ, ਕਮੇਟੀਆਂ, ਨਿਗਮਾਂ ਅਤੇ ਕਮਿਸ਼ਨਾਂ ਦੇ ਮੁਲਾਜ਼ਮਾਂ ’ਤੇ ਵੀ ਲਾਗੂ ਹੁੰਦੀਆਂ ਹਨ। ਸੂਬਿਆਂ ਦੇ ਸੇਵਾ ਨਿਯਮ ਵੀ ਸਰਕਾਰੀ ਮੁਲਾਜ਼ਮਾਂ ਨੂੰ ਸਿਆਸੀ ਸਰਗਰਮੀਆਂ ਅਤੇ ਚੋਣਾਂ ਵਿੱਚ ਹਿੱਸਾ ਲੈਣ ਤੋਂ ਰੋਕਦੇ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸੂਬਾ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਵੱਲੋਂ ਵੱਖ-ਵੱਖ ਹੈਸੀਅਤਾਂ ਵਿੱਚ ਨਿਯੁਕਤ ਜਾਂ ਮੁੜ ਨਿਯੁਕਤ ਕੀਤਾ ਜਾਂਦਾ ਹੈ। ਇਨ੍ਹਾਂ ਲਈ ਚੋਣ ਜ਼ਾਬਤੇ ਦੌਰਾਨ ਸਿਆਸੀ ਨਿਰਪੱਖਤਾ ਅਤੇ ਵਿਹਾਰ ਸਬੰਧੀ ਕੋਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਂ ਨਿਯਮ ਨਹੀਂ ਹਨ। ਇਸ ਲਈ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ’ਤੇ ਲਾਗੂ ਪਾਬੰਦੀਆਂ ਇਨ੍ਹਾਂ ਸੇਵਾਮੁਕਤ ਵਿਅਕਤੀਆਂ ’ਤੇ ਵੀ ਉਸੇ ਤਰ੍ਹਾਂ ਲਾਗੂ ਹੋਣਗੀਆਂ।

ਚੋਣ ਅਧਿਕਾਰੀਆਂ ਨੂੰ ਮੀਟਿੰਗਾਂ ’ਚ ਨਹੀਂ ਸੱਦ ਸਕਣਗੀਆਂ ਸਰਕਾਰਾਂ- ਕਮਿਸ਼ਨ ਨੇ ਸੂਬਾ ਸਰਕਾਰਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਹਲਕਿਆਂ ਜਾਂ ਜ਼ਿਲ੍ਹਿਆਂ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਉੱਥੋਂ ਦੇ ਕਿਸੇ ਵੀ ਚੋਣ ਅਧਿਕਾਰੀ ਨੂੰ ਸਰਕਾਰੀ ਵਿਚਾਰ-ਵਟਾਂਦਰੇ ਜਾਂ ਮੀਟਿੰਗਾਂ ਲਈ ਨਾ ਬੁਲਾਇਆ ਜਾਵੇ। ਅਜਿਹੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗਾਂ ਕਰਨ ’ਤੇ ਵੀ ਰੋਕ ਲਾਈ ਗਈ ਹੈ। ਕਮਿਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਉਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਕਾਰਵਾਈ ਜਾਂ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਪੱਤਰ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Related posts

ਸੁਨੀਲ ਮਿੱਤਲ ਏਅਰਟੈੱਲ ਲਈ ਉੱਤਰਾਧਿਕਾਰ ਯੋਜਨਾ ਸਾਂਝੀ ਕਰਦੇ ਹਨ

On Punjab

6 ਮੈਟਰੋ ਹਵਾਈ ਅੱਡਿਆਂ ਤੋਂ 562 ਉਡਾਣਾਂ ਕੀਤੀਆਂ ਰੱਦ; ਇਕੱਲੇ ਬੈਂਗਲੁਰੂ ’ਚ 150 ਉਡਾ

On Punjab

ਪਾਕਿਸਤਾਨ ‘ਚ ਹੁਣ ਦਵਾਈਆਂ ਦਾ ਘੋਟਾਲਾ ! ਇਮਰਾਨ ਖਾਨ ਨੇ ਦਿੱਤੇ ਜਾਂਚ ਦੇ ਆਦੇਸ਼

On Punjab