ਚੰਡੀਗੜ੍ਹ- ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ, ਜਦੋਂ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਤਾਇਨਾਤ ਕੀਤੀ ਗਈ ਵਾਟਰ ਕੈਨਨ ਵਾਲੀ ਗੱਡੀ ’ਤੇ ਜਾ ਚੜ੍ਹਿਆ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਭਾਰੀ ਖਿੱਚੋਤਾਣ ਜਾਰੀ ਹੈ, ਜਿਸ ਕਾਰਨ ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ ’ਤੇ ਹਨ।
ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਲਾਂਪੁਰ ਦਾਖਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਪ੍ਰਦਰਸ਼ਨਕਾਰੀ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਤੋਂ ਬਾਅਦ ਹੁਣ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਸਨ।
‘ਵਾਰਿਸ ਪੰਜਾਬ ਦੇ’ ਦੇ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ- ਬੁੱਧਵਾਰ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੱਢੇ ਜਾ ਰਹੇ ਰੋਸ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲੀਸ ਨੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਵਿਸ਼ੇਸ਼ ਟਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸ਼ਹਿਰ ’ਚ ਸ਼ਾਂਤੀ ਅਤੇ ਟਰੈਫ਼ਿਕ ਵਿਵਸਥਾ ਬਣਾਏ ਰੱਖਣ ਲਈ ਸਵੇਰੇ 9:30 ਵਜੇ ਤੋਂ ਹੀ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਚਕਾਰਲੇ ਪ੍ਰਮੁੱਖ ਰਸਤਿਆਂ ਦੇ ਨਾਲ-ਨਾਲ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ (ISBT-43) ਦੇ ਨੇੜਲੇ ਇਲਾਕਿਆਂ ’ਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਟਰੈਫ਼ਿਕ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਯੂ.ਟੀ.-ਮੁਹਾਲੀ ਸਰਹੱਦ (ਬੁੜੈਲ ਜੇਲ੍ਹ ਦੇ ਪਿੱਛੇ) ਤੋਂ ਸੈਕਟਰ 50/51 ਚੌਂਕ ਤੱਕ, ਅਤੇ ਅੱਗੇ ਸੈਕਟਰ 50/51 ਚੌਂਕ ਤੋਂ ਸਰੋਵਰ ਪੱਥ ਦੇ ਨਾਲ-ਨਾਲ ਸੈਕਟਰ 44/45-50/51 ਚੌਂਕ (ਗਊਸ਼ਾਲਾ ਚੌਂਕ) ਸਮੇਤ ਸੈਕਟਰ 44/45 ਲਾਈਟ ਪੁਆਇੰਟ ਤੱਕ ਆਵਾਜਾਈ ਪੂਰੀ ਤਰ੍ਹਾਂ ਬੰਦ ਜਾਂ ਡਾਇਵਰਟ (ਬਦਲੀ) ਰਹੇਗੀ।
ਇਸੇ ਤਰ੍ਹਾਂ, ਵਿਕਾਸ ਮਾਰਗ ’ਤੇ ਸੈਕਟਰ 43/44/51/52 ਚੌਂਕ (ISBT ਚੌਂਕ) ਤੋਂ ਸੈਕਟਰ 44/45-50/51 ਚੌਂਕ (ਗਊਸ਼ਾਲਾ ਚੌਂਕ) ਤੱਕ ਅਤੇ ਅੱਗੇ ਸੈਕਟਰ 45-46/49/50 ਚੌਂਕ ਵੱਲ ਜਾਣ ਵਾਲੀ ਸੜਕ ਸਮੇਤ ਸੈਕਟਰ 43/44 ਲਾਈਟ ਪੁਆਇੰਟ ਅਤੇ ਸੈਕਟਰ 45/46 ਲਾਈਟ ਪੁਆਇੰਟ ’ਤੇ ਵੀ ਰੂਟ ਬਦਲੇ ਗਏ ਹਨ ਅਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਜਾਮ ਦੀ ਸਥਿਤੀ ਤੋਂ ਬਚਣ ਲਈ ਬੱਸਾਂ ਨੂੰ ਵੀ ਸੈਕਟਰ-43 ਬੱਸ ਅੱਡੇ ਤੱਕ ਪਹੁੰਚਣ ਲਈ ਬਦਲੇ ਹੋਏ ਰੂਟਾਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਹੈ। ਪੁਲੀਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਭਾਵਿਤ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ, ਵੱਖਰੇ ਮਾਰਗ ਚੁਣਨ ਅਤੇ ਤਾਜ਼ਾ ਜਾਣਕਾਰੀ ਲਈ ਚੰਡੀਗੜ੍ਹ ਟਰੈਫ਼ਿਕ ਪੁਲੀਸ ਦੇ ਸੋਸ਼ਲ ਮੀਡੀਆ ਹੈਂਡਲਾਂ (X, Facebook ਅਤੇ Instagram – @trafficchd / @ChandigarhTrafficPolice) ’ਤੇ ਅਪਡੇਟਸ ਦੇਖਦੇ ਰਹੋ।

