70.11 F
New York, US
August 4, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ ਦਿੱਤਾ ਹੈ।
ਅੱਜ ਇੱਥੇ ਨਸ਼ਿਆਂ ਵਿਰੁੱਧ ਮਾਰਚ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਸੰਬਧੋਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਸਫਾਇਆ ਕਰਨ ਲਈ ਨੌਜਵਾਨਾਂ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਲਾਹਨਤ ਦਾ ਖੁਰਾ-ਖੋਜ ਨਾ ਮਿਟਾਇਆ ਗਿਆ ਤਾਂ ਇਹ ਬਹੁਤ ਵੱਡੀ ਅਲਾਮਤ ਵਿੱਚ ਬਦਲ ਜਾਵੇਗੀ ਜਿਸ ਨਾਲ ਸੂਬੇ ਅਤੇ ਇਸ ਦੀਆਂ ਪੀੜ੍ਹੀਆਂ ਨੂੰ ਵੱਡਾ ਨੁਕਸਾਨ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਕਿਉਂਕਿ ਇਹ ਲਾਹਨਤ ਉਨ੍ਹਾਂ ਦੀ ਅਤੇ ਪਰਿਵਾਰ ਦੀ ਜ਼ਿੰਦਗੀ ਨੂੰ ਬਰਬਾਦ ਕਰ ਦੇਵੇਗੀ।
ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ ਸੀ ਅਤੇ ਉਨ੍ਹਾਂ ਦੇ ਵੱਡੇ ਆਗੂ ਵੀ ਇਸ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਲਈ ਇਨ੍ਹਾਂ ਲਾਲਸੀ ਆਗੂਆਂ ਨੇ ਸੂਬੇ ਵਿੱਚ ਨਸ਼ਿਆਂ ਦੇ ਧੰਦੇ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਅਰਵਿੰਦ ਕੇਜਰੀਵਾਲ ਨੇ ਕਿਹਾ, “ਪਰਮਾਤਮਾ ਅਤੇ ਸੂਬੇ ਦੇ ਲੋਕ ਇਨ੍ਹਾਂ ਸਿਆਸੀ ਆਗੂਆਂ ਨੂੰ ਇਸ ਬੱਜਰ ਪਾਪ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇਸ ਗੁਨਾਹ ਦੀ ਸਜ਼ਾ ਜ਼ਰੂਰ ਮਿਲੇਗੀ।”
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਪਿਛਲੇ 30 ਦਿਨਾਂ ਵਿੱਚ ਮਿਸਾਲੀ ਕੰਮ ਕੀਤਾ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਖੜ੍ਹੇ ਕੀਤੇ ਵੱਡੇ-ਵੱਡੇ ਮਹਿਲ ਵੀ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਨਸ਼ਾ ਤਸਕਰਾਂ ਨੂੰ ਫੜ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਉਨ੍ਹਾਂ ‘ਤੇ ਸਖ਼ਤ ਕਾਰਵਾਈ ਕਰਕੇ ਸ਼ਲਾਘਾਯੋਗ ਭੂਮਿਕਾ ਨਿਭਾ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਅੱਗੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ/ਢਾਹਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਅਲਾਮਤ ਵਿਰੁੱਧ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨੌਜਵਾਨਾਂ ਨਾਲ ਭਾਵਨਾਤਮਕ ਸਾਂਝ ਪ੍ਰਗਟਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਜੇਕਰ ਤੁਹਾਡਾ ਕੋਈ ਦੋਸਤ ਜਾਂ ਪਰਿਵਾਰਕ ਮੈਂਬਰ ਨਸ਼ੇ ਦੀ ਗ੍ਰਿਫਤ ਵਿੱਚ ਹੈ ਤਾਂ  ਇਸ ਨੂੰ ਸਮੇਂ ਸਿਰ ਰੋਕਣ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਜਾਣਾ ਚਾਹੀਦਾ ਹੈ।”
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਪਸਾਰ ਨੂੰ ਰੋਕਣਾ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਉਹ ਆਪਣੇ ਪਿੰਡ ਅਤੇ ਇਲਾਕੇ ਦੀ ਜ਼ਿੰਮੇਵਾਰੀ ਲੈਣ ਕਿ ਉਹ ਵਟਸਐਪ ਹੈਲਪਲਾਈਨ ਨੰਬਰ 9779100200 ‘ਤੇ ਸੰਪਰਕ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਅਤੇ ਆਪਣੇ ਇਲਾਕੇ ਵਿੱਚ ਨਸ਼ਾ ਤਸਕਰਾਂ ਦੀ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਦੇਣ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਹ ਪ੍ਰਣ ਲੈਣ ਕਿ ਉਹ ਨਸ਼ੇ ਨਹੀਂ ਲੈਣਗੇ, ਉਹ ਕਿਸੇ ਨੂੰ ਵੀ ਨਸ਼ੇ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ ਅਤੇ ਉਹ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਮਰਥਨ ਕਰਨਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਓ.ਪੀ.ਡੀ. ਪੱਧਰ ‘ਤੇ ਨਸ਼ਾ ਛੁਡਾਊ ਸੇਵਾਵਾਂ ਲਈ ‘ਓਟ ਕਲੀਨਿਕ’ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਸੂਬੇ ਵਿੱਚ ਮੁੜ ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਦੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ।

Related posts

ਖੁਸ਼ਖਬਰੀ! ਆਈਫੋਨ ਐਕਸ ਮਿਲ ਰਿਹਾ 21,900 ਰੁਪਏ ਸਸਤਾ

On Punjab

PM ਮੋਦੀ ਨੂੰ ‘Unfollow’ ਕਰਨ ਤੋਂ ਬਾਅਦ ਅਮਰੀਕਾ ਨੇ ਦਿੱਤੀ ਸਫਾਈ, ਕਿਹਾ….

On Punjab

ਅਫਗਾਨਿਸਤਾਨ ਦੇ ਸਾਬਕਾ ਵਿੱਤ ਮੰਤਰੀ ਅਮਰੀਕਾ ‘ਚ ਕੈਬ ਚਲਾਉਣ ਲਈ ਮਜਬੂਰ, ਕਦੇ ਪੇਸ਼ ਕੀਤੀ ਸੀ 6 ਅਰਬ ਡਾਲਰ ਦਾ ਬਜਟ

On Punjab