PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੇਲ੍ਹ ’ਚ ਨਜ਼ਰਬੰਦ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਸੰਜੀਵ ਅਰੋੜਾ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਮਗਰੋਂ ਜੇਲ੍ਹ ਵਿੱਚ ਨਜ਼ਰਬੰਦ ਹਨ। ਦੋਵਾਂ ਆਗੂਆਂ ਦੀ ਇਸ ਫੇਰੀ ਨੂੰ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਪਾਰਟੀ ਲੀਡਰਸ਼ਿਪ ਦੀ ਇਕਜੁੱਟਤਾ ਦੇ ਪ੍ਰਗਟਾਵੇ ਵਜੋਂ ਦੇਖਿਆ ਜਾ ਰਿਹਾ ਹੈ। ਸੰਜੀਵ ਅਰੋੜਾ ਦੀ ਗ਼ੈਰਮੌਜੂਦਗੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਅਤੇ ਚੋਣ ਤਿਆਰੀਆਂ ਸੰਭਾਲ ਰਹੇ ਹਨ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਦੌਰਾਨ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਅਰੋੜਾ ਦੀ ਟੀਮ ਦੇ ਆਗੂਆਂ ਨਾਲ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ।

ਜੇਲ੍ਹ ਵਿੱਚ ਹੋਣ ਦੇ ਬਾਵਜੂਦ ਪਾਰਟੀ ਨੇ ਦਿੱਤੀ ਟਿਕਟ- ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਉਮੀਦਵਾਰ ਸੂਚੀ ਵਿੱਚ ਸੰਜੀਵ ਅਰੋੜਾ ਦਾ ਨਾਂ ਸ਼ਾਮਲ ਕੀਤਾ ਹੈ। ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਹਲਕੇ ਤੋਂ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਅਰੋੜਾ ਨੇ ਇਸੇ ਹਲਕੇ ਤੋਂ 2025 ਦੀ ਜ਼ਿਮਨੀ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਜ਼ਾਰਤ ਵਿੱਚ ਸ਼ਾਮਲ ਕੀਤਾ ਗਿਆ ਸੀ।

ਮੋਗਾ ਰੈਲੀ ਤੋਂ ਪਹਿਲਾਂ ਲੁਧਿਆਣਾ ਵਿੱਚ ਪਾਰਟੀ ਲੀਡਰਸ਼ਿਪ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਇਹ ਦੌਰਾ 26 ਨਵੰਬਰ ਨੂੰ ਮੋਗਾ ਵਿੱਚ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਤੋਂ ਪਹਿਲਾਂ ਹੋ ਰਿਹਾ ਹੈ। ਇਸ ਰੈਲੀ ਨੂੰ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਦੋਵੇਂ ਆਗੂ ਲੁਧਿਆਣਾ ਵਿੱਚ ਰਾਤ ਠਹਿਰਨ ਮਗਰੋਂ ਮੋਗਾ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਨੂੰ ਵੀ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਾਇਮ ਰੱਖਦਿਆਂ ਮੁੜ ਚੋਣ ਟਿਕਟ ਦਿੱਤੀ ਹੈ।

Related posts

ਚੀਨ ਤੋਂ ਆਈ ਖੁਸ਼ਖਬਰੀ, ਪਹਿਲੀ ਵਾਰ ਕੋਈ ਘਰੇਲੂ ਮਾਮਲਾ ਨਹੀਂ ਆਇਆ ਸਾਹਮਣੇ

On Punjab

ਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ

On Punjab

 ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ—ਸਰਕਾਰ ਦੀ ਨਲਾਇਕੀ ਦਾ ਖਾਮਿਆਜ਼ਾ ਭੁਗਤ ਰਹੀ ਹੈ ਆਮ ਜਨਤਾ

On Punjab