ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਦੱਸ ਕੇ ਰੱਦ ਕਰ ਦਿੱਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਤਖ਼ਤ ਦੇ ਹੈੱਡ ਗ੍ਰੰਥੀ ਅਤੇ ਗ੍ਰੰਥੀਆਂ ਨੂੰ ਨਾਲ ਲੈ ਕੇ ਬੁੱਧਵਾਰ ਨੂੰ ਮੀਟਿੰਗ ਕੀਤੀ ਸੀ ਅਤੇ ਅਕਾਲ ਤਖ਼ਤ ਵੱਲੋਂ ਲਏ ਗਏ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਇਸੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸਾਜ਼ਿਸ਼ਕਰਤਾ ਵਜੋਂ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਆਪਣਾ ਪੱਖ ਰੱਖਣ ਲਈ 10 ਦਿਨ ਦਾ ਸਮਾਂ ਦਿੱਤਾ ਗਿਆ ਸੀ। ਇਸ ਸਬੰਧ ਵਿੱਚ ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਆਦੇਸ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਨੂੰ ਉਹ ਜਲਦੀ ਤੋਂ ਜਲਦੀ ਤਖ਼ਤ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਮਾਫੀ ਮੰਗਦਿਆਂ ਹੋਇਆਂ ਵਾਪਸ ਲੈਣ। ਪੰਥ ਅਜਿਹੀ ਸਿੱਖ ਵਿਰੋਧੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਫੈਸਲੇ ਨੂੰ ਪੰਥ ਵਿਰੋਧੀ ਅਤੇ ਗੈਰ ਸਿਧਾਂਤਕ ਕਰਾਰ ਦਿੰਦਿਆਂ ਰੱਦ ਕੀਤਾ ਹੈ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਿਆ ਗਿਆ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਮਾਮਲਾ ਕੋਈ ਅੱਜ ਦਾ ਮਾਮਲਾ ਨਹੀਂ ਬਲਕਿ ਦੋ ਤੋਂ ਤਿੰਨ ਸਾਲ ਪਹਿਲਾਂ ਦਾ ਮਾਮਲਾ ਹੈ। ਇਸ ਮਾਮਲੇ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਧਾਂਤਕ ਤੌਰ ਤੇ ਗਲਤ ਕਰਾਰ ਦਿੰਦਿਆਂ ਰੱਦ ਕੀਤਾ ਗਿਆ ਹੈ।