ਦੱਖਣੀ ਅਫਰੀਕਾ- ਦੱਖਣੀ ਅਫ਼ਰੀਕੀ ਦੇ ਜੌਹਾਨਸਬਰਗ ਦੇ ਦੱਖਣ ਵਿੱਚ ਇੱਕ ਮਿੰਨੀ ਬੱਸ ਤੇ ਟਰੱਕ ਦੀ ਟੱਕਰ ਹੋ ਗਈ ਜਿਸ ਕਾਰਨ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ 11 ਸਕੂਲੀ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਪੁਲੀਸ ਅਧਿਕਾਰੀਆਂ ਅਨੁਸਾਰ ਇਕ ਨਿੱਜੀ ਵਾਹਨ ਜੌਹਾਨਸਬਰਗ ਦੇ ਦੱਖਣ-ਪੱਛਮ ਵਿੱਚ ਪ੍ਰਾਇਮਰੀ ਸਕੂਲਾਂ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਿਜਾ ਰਿਹਾ ਸੀ ਤਾਂ ਇਹ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਗਵਾਹਾਂ ਨੇ ਦੱਸਿਆ ਕਿ ਬੱਚਿਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਹੋਰ ਵਾਹਨਾਂ ਨੂੰ ਓਵਰਟੇਕ ਕਰ ਰਹੀ ਸੀ ਕਿ ਇਸ ਨੇ ਟਰੱਕ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਪੁਲੀਸ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾਵੇਗੀ। ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪੀੜਤ ਪਰਿਵਾਰਾਂ ਅਤੇ ਸਕੂਲਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘ਸਾਡੇ ਬੱਚੇ ਦੇਸ਼ ਦੀ ਸਭ ਤੋਂ ਕੀਮਤੀ ਸੰਪਤੀ ਹਨ ਅਤੇ ਸਾਨੂੰ ਵਿਖਿਆਰਥੀਆਂ ਦੀ ਸੁਰੱਖਿਆ ਲਈ ਸੜਕੀ ਨਿਯਮਾਂ ਦੀ ਪਾਲਣਾ ਕਰਨ ਤੋਂ ਲੈ ਕੇ ਵਿਦਿਆਰਥੀਆਂ ਨੂੰ ਲਿਜਾਣ ਲਈ ਦਿੱਤੀ ਜਾਣ ਵਾਲੀ ਸੇਵਾ ਦੀ ਗੁਣਵੱਤਾ ਵਧਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।’
ਦੱਖਣੀ ਅਫ਼ਰੀਕੀ ਪ੍ਰਸਾਰਣ ਨਿਗਮ ਦੇ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਉਦਯੋਗਿਕ ਸ਼ਹਿਰ ਵੈਂਡਰਬਿਜਲਪਾਰਕ ਵਿੱਚ ਵਾਪਰੀ। ਜ਼ਿਕਰਯੋਗ ਹੈ ਕਿ ਦੱਖਣੀ ਅਫ਼ਰੀਕਾ ਵਿਚ ਸੜਕ ਹਾਦਸੇ ਅਕਸਰ ਹੁੰਦੇ ਰਹਿੰਦੇ ਹਨ। ਸਰਕਾਰ ਦੇ ਪਿਛਲੇ ਹਫ਼ਤੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੇਸ਼ ਵਿੱਚ 11,418 ਮੌਤਾਂ ਸੜਕ ਹਾਦਸਿਆਂ ਕਾਰਨ ਹੋਈਆਂ ਜੋ 2024 ਦੀ ਗਿਣਤੀ ਨਾਲੋਂ 6% ਘੱਟ ਹੈ। ਆਵਾਜਾਈ ਮੰਤਰਾਲੇ ਦਾ ਕਹਿਣਾ ਹੈ ਕਿ ਸੜਕ ਹਾਦਸੇ ਤੇਜ਼ ਰਫ਼ਤਾਰ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ ਜ਼ਿਆਦਾ ਹੁੰਦੇ ਹਨ। ਪਿਛਲੇ ਹਫ਼ਤੇ ਆਵਾਜਾਈ ਮੰਤਰੀ ਬਾਰਬਰਾ ਕ੍ਰੀਸੀ ਨੇ ਕਿਹਾ ਸੀ ਕਿ ਇਨ੍ਹਾਂ ਹਾਦਸਿਆਂ ਨੂੰ ਦੇਖਦਿਆਂ ਗੱਡੀ ਚਲਾਉਂਦੇ ਸਮੇਂ ਮੌਜੂਦਾ ਕਾਨੂੰਨੀ ਸ਼ਰਾਬ ਦੀ ਸੀਮਾ ਨੂੰ ਖਤਮ ਕਰਨ ਲਈ ਨਿਯਮ ਬਦਲਣ ਦਾ ਸਮਾਂ ਆ ਗਿਆ ਹੈ।

