92.66 F
New York, US
July 15, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਨਗਰ ਨਿਗਮ ਚੋਣਾਂ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਹੇਰਾਫੇਰੀ ਹੋਈ’: ‘ਕੇਵਲ ਢਿੱਲੋਂ

ਜਲੰਧਰ- ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣ ਦੇ ਇੱਕ ਦਿਨ ਬਾਅਦ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ’ਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਹੇਰਾਫੇਰੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇੰਨੇ ਸਰਕਾਰੀ ਦਬਾਅ ਦੇ ਬਾਵਜੂਦ ਭਾਜਪਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜੇਕਰ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਸੂਬੇ ਦੇ ਕਿਸਾਨਾਂ ਨੂੰ 21 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਿੱਤਾ ਜਾਵੇਗਾ।

ਭਾਜਪਾ ਸੂਬਾ ਪ੍ਰਧਾਨ ਦੀ ਕਮਾਨ ਸੰਭਾਲਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਅੱਜ ਪਹਿਲੀ ਵਾਰ ਦੋਆਬਾ ਖੇਤਰ ਦੇ ਦੌਰੇ ’ਤੇ ਪਹੁੰਚੇ। ਸ਼ਨੀਵਾਰ ਸਵੇਰੇ ਉਨ੍ਹਾਂ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ ਅਤੇ ਫਗਵਾੜਾ ਵਿਖੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਦੌਰਾਨ ਸਥਾਨਕ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਅਤੇ ਪ੍ਰਸ਼ਾਸਨਿਕ ਦੁਰਵਰਤੋਂ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਅਜਿਹੀ ਨੰਗੀ-ਚਿੱਟੀ ਗੜਬੜੀ ਕਦੇ ਨਹੀਂ ਦੇਖੀ ਗਈ, ਜਿਹੜੀ ਇਸ ਵਾਰ ਹੋਈ ਹੈ। ਬਰਨਾਲਾ ਵਿੱਚ ਸਾਡੇ ਇੱਕ ਉਮੀਦਵਾਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਦੂਜੇ ਉਮੀਦਵਾਰ ਦੇ ਕਾਗਜ਼ ਅੱਧੀ ਰਾਤ ਨੂੰ ਰੱਦ ਕੀਤੇ ਗਏ। ਇਨ੍ਹਾਂ ਚੋਣਾਂ ਵਿੱਚ ਸਿਰਫ਼ ਲੁੱਟ ਹੋਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਸਭ ਦੇ ਬਾਵਜੂਦ ਭਾਜਪਾ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਸੂਬੇ ਭਰ ਵਿੱਚ 172 ਸੀਟਾਂ ਜਿੱਤੀਆਂ ਹਨ ਅਤੇ ਕਈ ਥਾਵਾਂ ’ਤੇ ਭਾਜਪਾ ਦੀਆਂ ਕਮੇਟੀਆਂ ਬਣੀਆਂ ਹਨ। ਧਾਂਦਲੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਕਰਾਰਾ ਜਵਾਬ ਦੇਣਗੇ।

ਫ਼ਸਲੀ ਵਿਭਿੰਨਤਾ ਅਤੇ ਐੱਮਐੱਸਪੀ ਦਾ ਫਾਰਮੂਲਾ- ਕਿਸਾਨੀ ਮੁੱਦੇ ’ਤੇ ਬੋਲਦਿਆਂ ਭਾਜਪਾ ਪ੍ਰਧਾਨ ਨੇ ਕਿਹਾ, “ਪੰਜਾਬ ਵਿੱਚ ਇਸ ਵੇਲੇ ਸਿਰਫ਼ ਦੋ ਫ਼ਸਲਾਂ (ਕਣਕ ਤੇ ਝੋਨਾ) ’ਤੇ ਐੱਮਐੱਸਪੀ ਮਿਲ ਰਹੀ ਹੈ, ਜਦਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਭਾਜਪਾ ਸਰਕਾਰ 25 ਫ਼ਸਲਾਂ ’ਤੇ ਐੱਮਐੱਸਪੀ ਦੇ ਰਹੀ ਹੈ। 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਅਸੀਂ 21 ਫ਼ਸਲਾਂ ’ਤੇ ਐੱਮਐੱਸਪੀ ਯਕੀਨੀ ਬਣਾਵਾਂਗੇ।” ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਮੱਕੀ ਜਾਂ ਦਾਲਾਂ ਵਰਗੀਆਂ ਬਦਲਵੀਂਆਂ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਨੂੰ ਵੀ ਪੂਰੀ ਗਾਰੰਟੀ ਦਿੱਤੀ ਜਾਵੇਗੀ।

ਅਕਾਲੀ ਦਲ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਖ਼ਾਰਜ- ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਹੋਣ ਅਤੇ ਕਿਸੇ ਪਿੱਛੇ-ਪਿੱਛੇ ਚੱਲ ਰਹੀ ਗੱਲਬਾਤ ਦੇ ਸਵਾਲ ’ਤੇ ਕੇਵਲ ਢਿੱਲੋਂ ਨੇ ਸਪੱਸ਼ਟ ਕੀਤਾ, “ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੀ ਲਗਾਤਾਰ ਗੱਲਬਾਤ ਵਰਗੀ ਕੋਈ ਗੱਲ ਨਹੀਂ ਹੈ। ਅਸੀਂ ਪਹਿਲਾਂ ਹੀ ਇਹ ਸਾਫ਼ ਕਰ ਚੁੱਕੇ ਹਾਂ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ।” ਫਗਵਾੜਾ ਵਿਖੇ ਹੋਈ ਬੈਠਕ ਦੌਰਾਨ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਤੀਕਸ਼ਣ ਸੂਦ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾਰ ਅਤੇ ਅਨੀਤਾ ਸੋਮ ਪ੍ਰਕਾਸ਼ ਹਾਜ਼ਰ ਸਨ। ਜਲੰਧਰ ਵਿਖੇ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿੱਚ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ, ਕਰਮਜੀਤ ਕੌਰ ਅਤੇ ਰਮਨ ਪੱਬੀ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਢਿੱਲੋਂ ਅੱਜ ਸ਼ਾਮ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਵੀ ਮੁਲਾਕਾਤ ਕਰਨਗੇ।

Related posts

ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਦੇ ਟਾਕਰੇ ਲਈ ਹਰ ਹਰਬਾ ਵਰਤਾਂਗੇ: ਰਾਜਨਾਥ

On Punjab

Terror Attack Alert in Delhi : ਬਲੈਕ ਆਊਟ ਕਰਨ ਤੇ ਅੱਤਵਾਦੀ ਹਮਲੇ ਦੀ ਧਮਕੀ ਤੋਂ ਬਾਅਦ ਹਾਈ ਅਲਰਟ ’ਤੇ ਦਿੱਲੀ

On Punjab

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

On Punjab