ਮਸਤੂਆਣਾ ਸਾਹਿਬ: ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਅੰਦਰ ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ਪਿੰਡਾਂ ਦੇ ਨੌਜਵਾਨ ਲਗਾਤਾਰ ਨਸ਼ਿਆਂ ਦੀ ਵੱਧ ਡੋਜ਼ ਨਾਲ ਮਰ ਰਹੇ ਹਨ।
ਅੱਜ ਨੇੜਲੇ ਪਿੰਡ ਦੁੱਗਾਂ ਵਿਖੇ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਪਤਾ ਲੱਗਦਿਆਂ ਹੀ ਉਨ੍ਹਾਂ ਨੇ ਦੋਨੋਂ ਨੌਜਵਾਨਾਂ ਨੂੰ ਪੁਲੀਸ ਚੌਂਕੀ ਬਡਰੁੱਖਾਂ ਨੂੰ ਇਤਲਾਹ ਦੇ ਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਥੇ ਮੱਖਣ ਸਿੰਘ ਦੀ ਅੱਜ ਮੌਤ ਹੋ ਗਈ ਹੈ ਜਦੋਂ ਕਿ ਅੰਮ੍ਰਿਤਪਾਲ ਸਿੰਘ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ-ਇਲਾਜ ਹੈ।
ਇਸ ਮੌਕੇ ਸਾਬਕਾ ਸਰਪੰਚ ਦਲਵੀਰ ਸਿੰਘ ਸਿੱਧੂ, ਰਾਜਵੀਰ ਸਿੰਘ ਰਾਜੂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਹ ਪਿੰਡ ਦੁੱਗਾਂ ਵਿਖੇ ਨਸ਼ਾ ਵਿਕਣ ਸਬੰਧੀ ਕਈ ਵਾਰ ਪੁਲੀਸ ਦੇ ਵੱਖ-ਵੱਖ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰ ਚੁੱਕੇ ਹਨ ਅਤੇ ਵੇਚਣ ਵਾਲੇ ਵਿਅਕਤੀਆਂ ਬਾਰੇ ਵੀ ਦੱਸ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਪੁਲੀਸ ਵੱਲੋਂ ਨਹੀਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮ੍ਰਿਤਕ ਮੱਖਣ ਸਿੰਘ ਦੇ ਪਿਤਾ ਕਾਫ਼ੀ ਬਿਮਾਰ ਰਹਿੰਦੇ ਹਨ ਤੇ ਤੁਰ ਫਿਰ ਨਹੀਂ ਸਕਦੇ ਅਤੇ ਮਾਤਾ ਤੇ ਦਾਦੀ ਲੋਕਾਂ ਦੇ ਘਰਾਂ ਵਿੱਚ ਗੋਹਾ ਕੂੜਾ ਸੁੱਟ ਕੇ ਦਿਹਾੜੀ ਕਰ ਕੇ ਘਰ ਦਾ ਗੁਜ਼ਾਰਾ ਚਲਾ ਰਹੀਆਂ ਹਨ।
ਕੀ ਕਹਿੰਦੇ ਹਨ ਪੁਲੀਸ ਅਧਿਕਾਰੀ:-
ਇਸ ਬਾਰੇ ਪੁਲੀਸ ਚੌਕੀ ਬਡਰੁੱਖਾਂ ਦੇ ਇੰਚਾਰਜ ਨੂੰ ਵਾਰ-ਵਾਰ ਫੋਨ ਕਰਨ ’ਤੇ ਵੀ ਕੋਈ ਜਵਾਬ ਨਹੀਂ ਦਿੱਤਾ। ਥਾਣਾ ਲੌਂਗੋਵਾਲ ਦੇ ਐੱਸਐੱਚਓ ਅਤੇ ਡੀਐਸਪੀ ਸੁਨਾਮ ਨੇ ਕਿਹਾ ਕਿ ਉਨ੍ਹਾਂ ਕੋਲ ਪਿੰਡ ਦੁੱਗਾਂ ਤੋਂ ਇਸ ਸਬੰਧੀ ਪਹਿਲਾਂ ਕੋਈ ਵੀ ਸ਼ਿਕਾਇਤ ਨਹੀਂ ਆਈ। ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਫੜਿਆ ਜਾ ਰਿਹਾ ਹੈ ਅਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।