ਅੰਮ੍ਰਿਤਸਰ- ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਪੁਲੀਸ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਦੇ ਸ਼ਸਤਰ ਜ਼ਬਤ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਸੂਤਰਾਂ ਮੁਤਾਬਕ, ਇਸ ਸਬੰਧ ਵਿੱਚ ਨਾਂਦੇੜ ਦੀ ਪੁਲੀਸ ਵੱਲੋਂ ਇੱਕ-ਦੋ ਦਿਨ ਪਹਿਲਾਂ ਇਹ ਕਾਰਵਾਈ ਕੀਤੀ ਗਈ। ਧਾਰਮਿਕ ਪਰੰਪਰਾਵਾ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿੱਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜ਼ਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਆਖਿਆ ਹੈ।
ਸ਼ਸਤਰ ‘ਸਿੱਖ ਰਹਿਣੀ’ ਦਾ ਅਟੁੱਟ ਅੰਗ: ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਅਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਦਿੱਤਾ ਹੈ, ਇਸ ਲਈ ਸ਼ਸਤਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸ਼ਸਤਰਾਂ ਦੀ ਸੇਵਾ ਅਤੇ ਸਤਿਕਾਰ ਸਦੀਆਂ ਤੋਂ ਸਿੱਖ ਪਰੰਪਰਾਵਾ ਦਾ ਅਟੁੱਟ ਹਿੱਸਾ ਰਿਹਾ ਹੈ। ਅਜਿਹੇ ਵਿੱਚ ਸਿੱਖਾਂ ਦੀ ਆਸਥਾ ਨਾਲ ਜੁੜੇ ਅਸਥਾਨ ’ਤੇ ਪ੍ਰਸ਼ਾਸਨ ਵੱਲੋਂ ਸਿੱਖ ਪਰੰਪਰਾਵਾ ਨੂੰ ਨਜ਼ਰਅੰਦਾਜ਼ ਕਰਦਿਆਂ ਕੀਤੀ ਗਈ ਕਾਰਵਾਈ ਨੇ ਸਿੱਖ ਕੌਮ ਅੰਦਰ ਵੱਡਾ ਰੋਸ ਪੈਦਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ, ਪ੍ਰੰਤੂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ, ਮਰਿਆਦਾ ਅਤੇ ਇਤਿਹਾਸਕ ਪਰੰਪਰਾਵਾ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ, ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੋਵੇ।
ਪਰਚੇ ਤੁਰੰਤ ਰੱਦ ਕੀਤੇ ਜਾਣ- ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਰਜ ਕੀਤੇ ਅਜਿਹੇ ਪਰਚੇ ਤੁਰੰਤ ਰੱਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ, ਸ਼ਸ਼ਤਰ ਪਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ ’ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੇ ਹਨ ਅਤੇ ਸਰਕਾਰਾਂ ਨੂੰ ਵੀ ਸਿੱਖ ਪਰੰਪਰਾਵਾ ਦੀ ਮਾਣ-ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ।

