72.57 F
New York, US
June 19, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ ਟੈਕਸ’ ਮੋਰਚੇ ਦੀ ਚਿਤਾਵਨੀ

ਸ੍ਰੀ ਆਨੰਦਪੁਰ ਸਾਹਿਬ-   ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵੱਖ-ਵੱਖ ਸਰਹੱਦੀ ਥਾਵਾਂ ’ਤੇ ਵਸੂਲੇ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਮਿਸਲ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ (ਚਮਕੌਰ ਸਾਹਿਬ) ਨਾਲ ਸਬੰਧਤ ਨਿਹੰਗ ਸਿੰਘਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰਾਂ ਨੇ ਇਸ ਮਸਲੇ ਦਾ ਤੁਰੰਤ ਕੋਈ ਸਾਰਥਕ ਹੱਲ ਨਾ ਕੱਢਿਆ, ਤਾਂ ਉਹ 21 ਜੂਨ ਤੋਂ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ’ਤੇ ਦੁਬਾਰਾ ਇਤਿਹਾਸਕ ਪ੍ਰੰਪਰਾ ਤਹਿਤ ‘ਖਾਲਸਾ ਟੈਕਸ’ ਲਗਾਉਣ ਲਈ ਮਜਬੂਰ ਹੋਣਗੇ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਨੁਮਾਇੰਦੇ ਮਹਾਕਾਲ ਬਾਬਾ ਅੱਛਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਦੁਪਹਿਰ 12 ਵਜੇ ਮੀਟਿੰਗ ਲਈ ਬੁਲਾਇਆ ਗਿਆ ਸੀ, ਪਰ ਲੰਬੇ ਸਮੇਂ ਤੱਕ ਉਡੀਕ ਕਰਨ ਦੇ ਬਾਵਜੂਦ ਵੀ ਕੋਈ ਜ਼ਿੰਮੇਵਾਰ ਅਧਿਕਾਰੀ ਗੱਲਬਾਤ ਲਈ ਮੌਕੇ ‘ਤੇ ਨਹੀਂ ਪਹੁੰਚਿਆ। ਪ੍ਰਸ਼ਾਸਨ ਦੇ ਇਸ ਵਤੀਰੇ ਤੋਂ ਨਾਰਾਜ਼ ਨਿਹੰਗ ਸਿੰਘਾਂ ਨੇ ਐਲਾਨ ਕੀਤਾ ਕਿ ਹੁਣ ਉਹ ਕਿਸੇ ਸਥਾਨਕ ਅਧਿਕਾਰੀ ਨਾਲ ਨਹੀਂ, ਬਲਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸਿੱਧੀ ਮੀਟਿੰਗ ਕਰਨਗੇ, ਕਿਉਂਕਿ ਇਹ ਅੰਤਰ-ਰਾਜੀ ਮਸਲਾ ਸਰਕਾਰ ਦੇ ਉੱਚ ਪੱਧਰ ’ਤੇ ਹੀ ਹੱਲ ਹੋ ਸਕਦਾ ਹੈ।

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਇਆ ਟੈਕਸ ‘ਜਜ਼ੀਆ’-  ਨਿਹੰਗ ਸਿੰਘਾਂ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਏ ਇਸ ਟੈਕਸ ਨੂੰ ‘ਜਜ਼ੀਆ’ ਅਤੇ ‘ਗੁੰਡਾ ਟੈਕਸ’ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਜਾਣ ਵਾਲੇ ਸ਼ਰਧਾਲੂਆਂ ਤੇ ਆਮ ਲੋਕਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਲਗਾਏ ਜਾਣ ਵਾਲੇ ਪ੍ਰਸਤਾਵਿਤ ‘ਖਾਲਸਾ ਟੈਕਸ’ ਦੌਰਾਨ ਕਿਸੇ ਵੀ ਰਾਹਗੀਰ ਤੋਂ ਜ਼ਬਰਦਸਤੀ ਪੈਸੇ ਨਹੀਂ ਲਏ ਜਾਣਗੇ, ਬਲਕਿ ਲੋਕ ਆਪਣੀ ਸ਼ਰਧਾ ਅਨੁਸਾਰ ਸੇਵਾ ਫੰਡ ਪਾਉਣਗੇ, ਜਿਸ ਦੀ ਵਰਤੋਂ ‘ਸਰਬੱਤ ਦੇ ਭਲੇ’ ਅਤੇ ਲੋਕ-ਭਲਾਈ ਦੇ ਕਾਰਜਾਂ ਲਈ ਕੀਤੀ ਜਾਵੇਗੀ।

ਆਪਣੇ ਇਸ ਕਦਮ ਨੂੰ ਸਿੱਖ ਇਤਿਹਾਸ ਦੇ ਮਹਾਨ ਜਰਨੈਲਾਂ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੀ ਪਰੰਪਰਾ ਨਾਲ ਜੋੜਦਿਆਂ ਜਥੇਬੰਦੀ ਨੇ ਕਿਹਾ ਕਿ ਜੇਕਰ 21 ਜੂਨ ਤੱਕ ਟੈਕਸ ਬੰਦ ਨਾ ਹੋਇਆ ਤਾਂ ਕੀਰਤਪੁਰ ਸਾਹਿਬ ਨੇੜੇ ਐੱਨ.ਐੱਚ.ਏ.ਆਈ. (NHAI) ਟੋਲ ਪਲਾਜ਼ਾ ਕੋਲ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਗੱਡ ਦਿੱਤਾ ਜਾਵੇਗਾ। ਇਸ ਮੌਕੇ ਨਿਹੰਗ ਸਿੰਘਾਂ ਨੇ ਸ਼ਸਤਰ ਧਾਰਨ ਕਰਨ ਦੇ ਆਪਣੇ ਸੰਵਿਧਾਨਕ ਤੇ ਧਾਰਮਿਕ ਅਧਿਕਾਰ ਦਾ ਜ਼ਿਕਰ ਕਰਦਿਆਂ ਹਿਮਾਚਲ ਅਤੇ ਉੱਤਰਾਖੰਡ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਘਟਨਾ ਦੀ ਆੜ ਵਿੱਚ ਸਿੱਖ ਭਾਈਚਾਰੇ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਨਾ ਬਣਾਇਆ ਜਾਵੇ। ਜਥੇਬੰਦੀ ਨੇ ਦਾਅਵਾ ਕੀਤਾ ਕਿ ਇਸ ਮੁਹਿੰਮ ਨੂੰ ਸਥਾਨਕ ਲੋਕਾਂ ਅਤੇ ਵੱਖ-ਵੱਖ ਪੰਥਕ ਜਥੇਬੰਦੀਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ।

Related posts

ਯੂਐੱਨ ਦੀ ਆਮ ਸਭਾ ਨੇ ਪ੍ਰਸਤਾਵ ਪਾਸ ਕਰਦੇ ਹੋਏ ਰੂਸ ਨੂੰ ਕਿਹਾ, ਤੁਰੰਤ ਕ੍ਰੀਮੀਆ ਤੋਂ ਫ਼ੌਜ ਵਾਪਸ ਬੁਲਾਏ

On Punjab

Pakistan General Election 2024 : ਮਾਨਸੇਹਰਾ ਖੇਤਰ ਤੋਂ ਚੋਣ ਲੜਨਗੇ ਨਵਾਜ਼ ਸ਼ਰੀਫ਼, ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ

On Punjab

ਦਿਲਜੀਤ ਦੀ ‘ਸਰਦਾਰਜੀ 3’ ਅਗਲੇ ਸਾਲ 27 ਜੂਨ ਨੂੰ ਹੋਵੇਗੀ ਰਿਲੀਜ਼

On Punjab