ਨਵੀਂ ਦਿੱਲੀ- ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਬਾਅਦ 288 ਭਾਰਤੀ ਅਜੇ ਵੀ ਲਾਪਤਾ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਲਾਪਤਾ ਹੋਏ ਭਾਰਤੀਆਂ ਵਿੱਚ ਉਹ ਲੋਕ ਸ਼ਾਮਲ ਹਨ ਜੋ ਪਣ-ਬਿਜਲੀ ਪ੍ਰਾਜੈਕਟਾਂ ‘ਤੇ ਕੰਮ ਕਰ ਰਹੇ ਸਨ ਅਤੇ ਨਾਲ ਹੀ ਸੈਲਾਨੀਆਂ ਦੇ ਸਮੂਹ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਦੇ 21 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜੈਸਵਾਲ ਨੇ ਕਿਹਾ ਕਿ ਤਿੱਬਤ ਵਿੱਚ ਵੀ ਲਗਪਗ 200 ਭਾਰਤੀਆਂ ਨੇ ਭਾਰਤ ਤੋਂ ਸਹਾਇਤਾ ਮੰਗੀ ਹੈ।
ਉਨ੍ਹਾਂ ਕਿਹਾ, “ਭਾਰਤ ਇਸ ਮੁਸ਼ਕਲ ਸਮੇਂ ਵਿੱਚ ਨੇਪਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਅਸੀਂ ਉਸ ਦੇਸ਼ ਦੀਆਂ ਲੋੜਾਂ ਅਨੁਸਾਰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹਾਂ।” ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨੇਪਾਲ ਦੇ ਤਿੰਨ ਜ਼ਿਲ੍ਹਿਆਂ ਵਿੱਚ ਅਚਾਨਕ ਆਏ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਨੇਪਾਲ ਵਿੱਚ ਹਜ਼ਾਰਾਂ ਲਾਪਤਾ ਲੋਕਾਂ ਨੂੰ ਲੱਭਣ ਲਈ ਤਲਾਸ਼ ਜਾਰੀ ਹੈ। ਉੱਥੇ ਹੀ ਵੀਰਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ ਵਧ ਕੇ 270 ਹੋ ਗਈ।

