ਪਟਿਆਲਾ- ਜ਼ਿਲ੍ਹੇ ਵਿੱਚ ਡੇਂਗੂ ਦਾ ਲਾਰਵਾ ਮਿਲਣਾ ਖ਼ਤਰੇ ਘੰਟੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ਼ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜ਼ਿਲ੍ਹੇ ਭਰ ਦੇ 39694 ਘਰਾਂ ਵਿੱਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 391 ਥਾਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 379518 ਤੋਂ ਵੱਧ ਘਰਾਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 1444 ਥਾਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਸਿਵਲ ਸਰਜਨ ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤੇ ਜ਼ਿਲ੍ਹੇ ਅਧੀਨ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਨਾਲ ਨਾਲ ਰੋਡਵੇਜ਼ ਵਰਕਸ਼ਾਪਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਡੇਂਗੂ ਦਾ ਲਾਰਵਾ ਚੈੱਕ ਕਰ ਕੇ ਨਸ਼ਟ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸ਼ਹਿਰ ਤੇ ਪੇਂਡੂ ਖੇਤਰ ਤੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਤੋਂ ਰੋਕਣਾ ਚਾਹੀਦਾ ਹੈ।