ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਖੇਤਰੀ ਵਿਕਲਪ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਰਜਿਸਟਰੇਸ਼ਨ ਦਾ ਮੁੱਦਾ ਹੋਰ ਭਖ ਗਿਆ ਹੈ। ਪਾਰਟੀ ਦੀ ਅਧਿਕਾਰਤ ਰਜਿਸਟਰੇਸ਼ਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪਾਰਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਇੱਕ ਅਹਿਮ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਵਫ਼ਦ ਦੇ ਆਗੂਆਂ ਨੇ ਰਾਜਪਾਲ ਨੂੰ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਚੋਣ ਕਮਿਸ਼ਨ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਬਿਨਾਂ ਕਿਸੇ ਠੋਸ ਕਾਰਨ ਦੇ ਦੇਰੀ ਕੀਤੀ ਜਾ ਰਹੀ ਹੈ। ਪਾਰਟੀ ਆਗੂਆਂ ਅਨੁਸਾਰ ਉਨ੍ਹਾਂ ਵੱਲੋਂ ਸਾਰੀਆਂ ਕਾਨੂੰਨੀ ਅਤੇ ਸੰਵਿਧਾਨਕ ਸ਼ਰਤਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਪ੍ਰਕਿਰਿਆ ਨੂੰ ਲਮਕਾਇਆ ਜਾ ਰਿਹਾ ਹੈ।
ਵਫ਼ਦ ਨੇ ਸ਼ੰਕਾ ਪ੍ਰਗਟਾਈ ਕਿ ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਸਿਆਸੀ ਮੈਦਾਨ ਤੋਂ ਦੂਰ ਰੱਖਣ ਲਈ ਇਹ ਪ੍ਰਸ਼ਾਸਨਿਕ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਚੋਣ ਕਮਿਸ਼ਨ ਨੂੰ ਨਿਰਪੱਖਤਾ ਨਾਲ ਜਲਦ ਤੋਂ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰਨ, ਤਾਂ ਜੋ ਪਾਰਟੀ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਬਰਾਬਰ ਮੌਕਾ ਮਿਲ ਸਕੇ। ਦੂਜੇ ਪਾਸੇ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ‘ਤੇ ਨਿਯਮਾਂ ਅਨੁਸਾਰ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨਾਲ ਗੱਲਬਾਤ ਕੀਤੀ ਜਾਵੇਗੀ।

