ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਤਹਿਤ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਿਲ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਵੀ ਪਰਦਾਫਾਸ਼ ਕੀਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਅੰਤਰਰਾਜੀ ਕਾਰਵਾਈ ਦੌਰਾਨ ਇੱਕ ਔਰਤ ਸਮੇਤ ਨੌ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨ੍ਹਾਂ ਵਿੱਚ ਪੰਜਾਬ ,ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਾਸੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਇਲਾਕੇ ਬਾੜਮਾਰ ਤੋ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਸਾਹਿਬ ਸਿੰਘ, ਜਸ਼ਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਪੁਰਸ਼ੋਤਮ ਸਿੰਘ, ਗਗਨਦੀਪ ਸਿੰਘ ਅਤੇ ਰਜਿੰਦਰ ਕੌਰ ਸ਼ਾਮਿਲ ਹਨ, ਜੋ ਕਿ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਹਨ।
ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਖੁਲਾਸਾ ਕੀਤਾ ਕਿ ਨਸ਼ੀਲੇ ਪਦਾਰਥਾਂ ਦਾ ਇਹ ਗਿਰੋਹ ਕੈਨੇਡਾ ਅਧਾਰਤ ਤਸਕਰ ਜੋਬਨ ਕਲੇਰ ਅਤੇ ਪਾਕਿਸਤਾਨੀ ਤਸਕਰ ਤਨਵੀਰ ਸ਼ਾਹ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਪ੍ਰਾਪਤੀ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ ਗਿਰੋਹ ਦੇ ਹੋਰ ਸੰਪਰਕ ਸੂਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ।