ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਹੁੰਦੀ ਤਸਕਰੀ, ਪਾਕਿਸਤਾਨੀ ਅੱਤਵਾਦੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਅਤੇ ਸੂਬੇ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀ ਤਿਆਰੀ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਹ ਜਾਣਕਾਰੀ ਪੁਲੀਸ ਮੁਖੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਐਕਸ X ਖ਼ਾਤੇ ਉਤੇ ਵੀ ਸਾਂਝੀ ਕੀਤੀ ਹੈ। ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੀ ਪੁਲੀਸ ਨੂੰ ਹਰ ਸਮੇਂ ਮੁਸਤੈਦ ਰਹਿਣ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।