ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਉਸ ਵੇਲੇ ਹਲਚਲ ਹੋਰ ਵਧ ਗਈ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਧਾਇਕਾਂ ਨਾਲ ਇੱਕ ਅਹਿਮ ਬੈਠਕ ਕੀਤੀ। ਚੰਡੀਗੜ੍ਹ ਵਿਖੇ ਹੋਈ ਇਸ ਮੁਲਾਕਾਤ ਤੋਂ ਬਾਅਦ ਸੂਬੇ ਦੇ ਰਾਜਨੀਤਿਕ ਹਲਕਿਆਂ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਅਟਕਲਾਂ ਅਤੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ।ਇਸ ਇੱਕਤਰਤਾ ਦੌਰਾਨ ਇੱਕ ਦਰਜਨ ਤੋਂ ਵੱਧ ਵਿਧਾਇਕਾਂ ਨੇ ਕੇਂਦਰੀ ਲੀਡਰਸ਼ਿਪ ਨਾਲ ਰਾਬਤਾ ਕਾਇਮ ਕਰਨ ਦੀ ਰਣਨੀਤੀ ਬਣਾਈ ਹੈ। ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੰਗਠਨਾਤਮਕ ਮੁੱਦਿਆਂ ‘ਤੇ ਚਰਚਾ ਕਰਨ ਲਈ ਵਿਧਾਇਕਾਂ ਨੇ ਹਾਈਕਮਾਨ ਨੂੰ ਪੱਤਰ ਭੇਜ ਕੇ ਰਾਹੁਲ ਗਾਂਧੀ ਨਾਲ ਮਿਲਣ ਦਾ ਸਮਾਂ ਮੰਗਿਆ ਹੈ।
ਇਸ ਬੈਠਕ ਦੇ ਤੁਰੰਤ ਬਾਅਦ ਪ੍ਰਤਾਪ ਸਿੰਘ ਬਾਜਵਾ ਦਿੱਲੀ ਲਈ ਰਵਾਨਾ ਹੋ ਗਏ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੇਂਦਰੀ ਆਗੂਆਂ ਨਾਲ ਜਲਦ ਹੀ ਉੱਚ-ਪੱਧਰੀ ਮੁਲਾਕਾਤ ਹੋ ਸਕਦੀ ਹੈ। ਪੰਜਾਬ ਕਾਂਗਰਸ ਵਿੱਚ ਪਿਛਲੇ ਕੁਝ ਸਮੇਂ ਤੋਂ ਗੁੱਟਬੰਦੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਅਤੇ ਹਾਲ ਹੀ ਵਿੱਚ ਸੂਬਾ ਇੰਚਾਰਜ ਦੇ ਦੌਰੇ ਦੌਰਾਨ ਵੀ ਕਈ ਇਲਾਕਿਆਂ ਵਿੱਚ ਪਾਰਟੀ ਆਗੂਆਂ ਵਿਚਾਲੇ ਮਤਭੇਦ ਉੱਭਰ ਕੇ ਸਾਹਮਣੇ ਆਏ ਸਨ। ਅਜਿਹੇ ਮਾਹੌਲ ਵਿੱਚ ਵਿਧਾਇਕਾਂ ਦਾ ਬਾਜਵਾ ਦੀ ਅਗਵਾਈ ਹੇਠ ਇਕਜੁੱਟ ਹੋਣਾ, ਪਾਰਟੀ ਅੰਦਰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਹਾਈਕਮਾਨ ਤੱਕ ਸਿੱਧੀ ਪਹੁੰਚ ਬਣਾਉਣ ਦੀ ਇੱਕ ਵੱਡੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

