PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਭਲਕੇ

ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਆ ਚੁੱਕੇ ਹਨ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਜਾਵੇਗਾ। ਇਹ ਜਾਣਕਾਰੀ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।

ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਇਸ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰ ਕੇ ਖ਼ਰਾਬੇ ਦਾ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਪੰਜਾਬ ਦੀ ਲੋੜੀਂਦੀ ਮਦਦ ਕੀਤੀ ਜਾ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ 9 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਪੰਜਾਬ ਆਉਣਗੇ। ਉਹ ਹਵਾਈ ਜਹਾਜ਼ ਰਾਹੀਂ ਪੰਜਾਬ ਦੇ ਪਠਾਨਕੋਟ ਪਹੁੰਚਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਵਿੱਚ ਹੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਵੀ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ’ਤੇ ਗੱਲ ਕਰ ਕੇ ਪੰਜਾਬ ਦੇ ਹਾਲਾਤ ਦਾ ਜਾਇਜ਼ਾ ਲਿਆ ਸੀ। ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਪੀੜਤਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਦੋ ਟੀਮਾਂ ਵੱਲੋਂ ਵੀ ਪੰਜਾਬ ਵਿੱਚ ਹੜ੍ਹਾਂ ਕਰ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੂਬੇ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਂਦਰੀ ਟੀਮ ਵੱਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਨੁਕਸਾਨ ਦੀ ਰਿਪੋਰਟ ਹਾਸਲ ਕੀਤੀ ਗਈ ਸੀ। ਰਿਪੋਰਟ ਮੁਤਾਬਕ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 13,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਚੁੱਕਾ ਹੈ।

ਸੂਬੇ ਦੇ 2000 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ’ਚ- ਪੰਜਾਬ ਵਿੱਚ ਹੜ੍ਹਾਂ ਦੀ ਲਪੇਟ ’ਚ ਸਾਰੇ 23 ਜ਼ਿਲ੍ਹਿਆਂ ਦੇ 2050 ਪਿੰਡ ਆ ਚੁੱਕੇ ਹਨ, ਜਿੱਥੇ 3.87 ਲੱਖ ਲੋਕ ਬੇਘਰ ਹੋ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 48 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ ਅਤੇ ਤਿੰਨ ਲੋਕ ਲਾਪਤਾ ਹਨ। ਹੜ੍ਹਾਂ ਕਰ ਕੇ ਸੂਬੇ ਵਿੱਚ 1.76 ਲੱਖ ਹੈਕਟੇਅਰ ਫ਼ਸਲ ਵੀ ਪ੍ਰਭਾਵਿਤ ਹੋ ਚੁੱਕੀ ਹੈ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਬਾਹਰ ਕੱਢਿਆ ਗਿਆ ਹੈ। 219 ਰਾਹਤ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।

Related posts

ਵਿਰਾਟ ਕੋਹਲੀ ਤੇ ਅਵਨੀਤ ਕੌਰ ਇੱਕੋ ਵਿੰਬਲਡਨ ਮੈਚ ਵਿੱਚ ਪੁੱਜੇ? ਇੰਟਰਨੈੱਟ ’ਤੇ ਛਿੜੀ ਚਰਚਾ

On Punjab

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਤੋਂ ਦੋ ਮਹੀਨੇ ਬਾਅਦ ਹੀ ਅੰਦਰੂਨੀ ਕਲ੍ਹਾ ਦਾ ਸ਼ਿਕਾਰ

On Punjab

ਜੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਸਮੇਤ ਬਰਗਾੜੀ ਕਾਂਡ ‘ਚ ਇਨਸਾਫ ਨਾ ਦਵਾਇਆ ਤਾਂ ਕੈਪਟਨ ਦਾ ਹਾਲ ਵੀ ਬਾਦਲਾਂ ਵਾਲਾ ਹੋਵੇਗਾ : ਦਾਦੂਵਾਲ

On Punjab