ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਰਾਜਧਾਨੀ ’ਚ ਕਾਬਜ਼ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਰਾਜਧਾਨੀ ਵਿੱਚ ਪ੍ਰਦੂਸ਼ਣ ਲਈ ਹਰ ਵਾਰ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ, ਹੁਣ ਪੰਜਾਬ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ (ਏ ਕਿਊ ਆਈ) 70 ਤੋਂ 110 ਦੇ ਵਿਚਕਾਰ ਹੈ। ਦੂਜੇ ਪਾਸੇ, ਦਿੱਲੀ ਵਿੱਚ ਹਾਲੇ ਵੀ ਹਵਾ ਦੀ ਗੁਣਵੱਤਾ ਦਾ ਪੱਧਰ 450 ਤੋਂ 500 ਦੇ ਵਿਚਕਾਰ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦਾ ਕਾਰਨ ਦੱਸਣਾ ਚਾਹੀਦਾ ਹੈ ਕਿਉਂਕਿ ਇਸ ਪਾਰਟੀ ਵੱਲੋਂ ਹਮੇਸ਼ਾ ਕਿਹਾ ਜਾਂਦਾ ਹੈ ਕਿ ਪੰਜਾਬ ਦਾ ਧੂੰਆਂ ਦਿੱਲੀ ਜਾ ਰਿਹਾ ਹੈ। ਇਸ ਸਮੇਂ ਪੰਜਾਬ ਦਾ ਧੂੰਆਂ ਦਿੱਲੀ ਨਹੀਂ ਜਾ ਰਿਹਾ ਅਤੇ ਨਾ ਹੀ ਇੱਥੇ ਕੋਈ ਪਰਾਲੀ ਸਾੜੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਬਹੁਤ ਜ਼ਿਆਦਾ ਹੈ। ਜੇਕਰ ਹਵਾ ਉੱਤਰ ਤੋਂ ਦੱਖਣ ਦੀ ਦਿਸ਼ਾ ਵੱਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੇ ਤਾਂ ਧੂੰਆਂ ਦਿੱਲੀ ਪਹੁੰਚ ਸਕਦਾ ਹੈ, ਪਰ ਜ਼ਿਆਦਾਤਰ ਹਵਾ ਪੱਛਮ ਤੋਂ ਪੂਰਬ ਦਿਸ਼ਾ ਵੱਲ ਚੱਲਦੀ ਹੈ, ਜਿਸ ਲਈ ਪੰਜਾਬ ਦਾ ਧੂੰਆਂ ਕਦੇ ਵੀ ਦਿੱਲੀ ਨਹੀਂ ਪਹੁੰਚ ਸਕਦਾ। ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਮੁਕਾਬਲਤਨ ਕਾਫ਼ੀ ਘੱਟ ਹਨ, ਜਿਸ ਲਈ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਬਿਲਕੁਲ ਵੀ ਜ਼ਿੰਮੇਵਾਰ ਨਹੀਂ ਹੈ।
ਹੁਣ ਸਿਰਫ਼ ਦੇਸ਼ ਦਾ ਨਾਂ ਬਦਲਣਾ ਬਾਕੀ…
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਨਵੇਂ ਪੇਂਡੂ ਵਿਕਸਿਤ ਭਾਰਤ ਗਾਰੰਟੀ ਰੁਜ਼ਗਾਰ ਔਰ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵਿਕਸਤ ਭਾਰਤ-ਜੀ ਰਾਮ ਜੀ) ਬਿੱਲ-2025 ’ਤੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਦੇ ਰੇਲਵੇ ਸਟੇਸ਼ਨਾਂ ਅਤੇ ਸ਼ਹਿਰਾਂ ਦੇ ਨਾਮ ਬਦਲ ਦਿੱਤੇ ਹਨ ਤੇ ਹੁਣ ਸਿਰਫ਼ ਦੇਸ਼ ਦਾ ਨਾਮ ਬਦਲਣਾ ਰਹਿ ਗਿਆ ਹੈ। ਉਨ੍ਹਾਂ ਨੂੰ ਡਰ ਹੈ ਕਿ ‘ਕੇਂਦਰ ਸਰਕਾਰ ਦੇਸ਼ ਦਾ ਨਾਮ ਬਦਲ ਕੇ ਦੀਨ ਦਿਆਲ ਉਪਾਧਿਆਏ’ ਦੇ ਨਾਮ ’ਤੇ ਨਾ ਰੱਖ ਦੇਵੇ। ਨਾਮ ਬਦਲਣ ਨਾਲ ਬਦਲਾਅ ਨਹੀਂ ਆਉਂਦਾ ਬਲਕਿ ਇਸ ਲਈ ਕੰਮ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਮਗਨਰੇਗਾ ਸਕੀਮ ਦਾ ਨਾਮ ਬਦਲਣ ’ਤੇ ਕਿਹਾ ਕਿ ਨਾਮ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਨਾ ਹੀ ਦਿਹਾੜੀਦਾਰ ਕਾਮਿਆਂ ਨੂੰ ਕੋਈ ਫ਼ਰਕ ਪਵੇਗਾ। ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਨਵੇਂ ਬਿੱਲ ਦਾ ਸੰਸਦ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਵਿਰੋਧ ਕੀਤਾ ਗਿਆ ਹੈ।

