ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਪੁਰਾਣੀਆਂ ਸਰਕਾਰਾਂ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਗੈਂਗਸਟਰ ਪੈਦਾ ਕੀਤੇ ਸਨ, ਜਿਨ੍ਹਾਂ ਵੱਲੋਂ ਅੱਜ ਆਪਣੀਆਂ ਦੁਸ਼ਮਣੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਸੂਬਾ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਗੈਂਗਸਟਰ ਪੰਜਾਬ ਵਿੱਚ ਗੋਲੀਆਂ ਚਲਾਉਣਗੇ ਤਾਂ ਉਨ੍ਹਾਂ ਨੂੰ ਚੈਨ ਦੀ ਨੀਂਦ ਸੌਣ ਨਹੀਂ ਦਿੱਤਾ ਜਾਵੇਗਾ।
ਇਸੇ ਦੌਰਾਨ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਿਨ੍ਹਾਂ ਇਲਾਕਿਆਂ ਵਿੱਚ ਵੱਧ ਘਟਨਾਵਾਂ ਵਾਪਰੀਆਂ ਹਨ ਅਤੇ ਕਈ ਦੇਸ਼ ਤੋਂ ਅਜਿਹੇ ਫੋਨ ਆ ਰਹੇ ਹਨ, ਉਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਕਿ ਉਹ ਮੁੜ ਅਜਿਹਾ ਨਾ ਕਰ ਸਕਣ।

