76.44 F
New York, US
June 1, 2024
PreetNama
ਸਮਾਜ/Social

ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡਾਂ ‘ਚ ਹੜ੍ਹਾਂ ਨੇ ਮਚਾਈ ਤਬਾਹੀ, 26280 ਲੋਕਾਂ ਨੂੰ ਛੱਡਣਾ ਪਿਆ ਘਰ

ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੀ ਤਸਵੀਰ ਸਾਹਮਣੇ ਆਉਣ ਲੱਗੀ ਹੈ। ਇਸ ਬਾਰੇ ਸਰਕਾਰ ਨੇ ਹੀ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਸੂਬੇ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸਰਕਾਰ ਵੱਲੋਂ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਭਾਵ ਇਹ ਲੋਕ ਘਰ ਛੱਡਣ ਲਈ ਮਜਬੂਰ ਹੋਏ ਹਨ। 3828 ਲੋਕ ਅਜੇ ਵੀ 155 ਰਾਹਤ ਕੈਂਪਾਂ ’ਚ ਰਹਿ ਰਹੇ ਹਨ। ਇਸ ਤੋਂ ਇਲਾਵਾ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ ਤੇ 15 ਜ਼ਖਮੀ ਹੋਏ ਹਨ।

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ।

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ।

ਦੱਸ ਦਈਏ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਤੇ ਓਪੀਡੀਜ਼ ਦੀ ਕੁੱਲ ਗਿਣਤੀ 8531 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਤੇ ਐਸਏਐਸ ਨਗਰ ਵਿੱਚ 4000, ਐਸਬੀਐਸ ਨਗਰ ਵਿੱਚ 5700 ਤੇ ਫ਼ਤਿਹਗੜ੍ਹ ਸਾਹਿਬ ਵਿੱਚ 2200  ਪੈਕੇਟ ਵੰਡੇ ਗਏ ਹਨ।

Related posts

ਮੇਰੀਆਂ ਜੁੱਤੀਆਂ ਗਿਣਨ ਲਈ ਤੁਹਾਡਾ ਸਵਾਗਤ ਹੈ’, ਮਹੂਆ ਮੋਇਤਰਾ ਦਾ ਸੀਬੀਆਈ ਜਾਂਚ ਬਾਰੇ ਭਾਜਪਾ ਸੰਸਦ ਦੇ ਦਾਅਵੇ ‘ਤੇ ਤਾਅਨਾ

On Punjab

ਹਰਿਆਣਾ ਨੂੰ ਪੰਜਾਬ ਤੋਂ ਪਾਣੀ ਮਿਲਣ ਦੀ ਪੂਰੀ ਉਮੀਦ, ਸੀਐਮ ਖੱਟਰ ਦਾ ਵੱਡਾ ਬਿਆਨ

On Punjab

ਕੋਰੋਨਾ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ‘Air India’ ਦਾ ਹੈੱਡਕੁਆਰਟਰ ਸੀਲ

On Punjab