ਚੰਡੀਗੜ੍ਹ- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਅੱਜ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਵਿੱਚ ਸ਼ਾਮਲ ਹੋ ਗਏ। ਗੁਜਰਾਲ ਇਸ ਵੇਲੇ ਕਾਂਗਰਸ ਦੇ ਜਨਰਲ ਸਕੱਤਰ ਹਨ ਅਤੇ ਆਗਾਮੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਗਠਿਤ ਚੋਣ ਮੁਹਿੰਮ ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ 2016 ਦੀਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਟਿਕਟ ’ਤੇ ਵਾਰਡ ਨੰਬਰ 23 ਤੋਂ ਕੌਂਸਲਰ ਚੁਣੀ ਗਈ ਸੀ। ਸ਼੍ਰੋਮਣੀ ਅਕਾਲੀ ਦਲ (ਸਦ) ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਜਰਾਲ ਦੇ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ।
ਵਿੱਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਇਹ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸ਼ਹਿਰ ਦੇ ਵਿਕਾਸ ਅਤੇ ਹਾਂਵਾਚੀ (ਸਕਾਰਾਤਮਕ) ਸਿਆਸਤ ਲਈ ਚੋਣ ਲੜੇਗੀ। ਇਸ ਮੌਕੇ ਸਾਬਕਾ ਮੇਅਰ ਅਤੇ ਐੱਸ.ਜੀ.ਪੀ.ਸੀ. ਦੀ ਐਗਜ਼ੈਕਟਿਵ ਮੈਂਬਰ ਹਰਜਿੰਦਰ ਕੌਰ ਵੀ ਮੌਜੂਦ ਸਨ। ਉਨ੍ਹਾਂ (ਹਰਜਿੰਦਰ ਕੌਰ) ਨੇ ਦੱਸਿਆ ਕਿ ਉਹ ਖ਼ੁਦ ਵਾਰਡ ਨੰਬਰ 23 ਤੋਂ ਕਈ ਵਾਰ ਨਗਰ ਨਿਗਮ ਕੌਂਸਲਰ ਵਜੋਂ ਚੁਣੀ ਜਾ ਚੁੱਕੀ ਹੈ ਅਤੇ ਇਸ ਵਾਰਡ ਤੇ ਇੱਥੋਂ ਦੇ ਵਸਨੀਕਾਂ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ। ਇਸ ਮੌਕੇ ਇਲਾਕੇ ਦੇ ਕਈ ਨਿਵਾਸੀ ਅਤੇ ਸਮਰਥਕ ਹਾਜ਼ਰ ਸਨ। ਅਮਰਜੀਤ ਸਿੰਘ ਗੁਜਰਾਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਉਨ੍ਹਾਂ ਨੂੰ ਆਗਾਮੀ ਚੋਣਾਂ ਲਈ ਟਿਕਟ ਦਿੰਦਾ ਹੈ ਤਾਂ ਉਹ ਵਾਰਡ ਇਲਾਕੇ ਦੇ ਨਿਵਾਸੀਆਂ ਦੀ ਸੇਵਾ ਲਈ ਚੋਣ ਲੜਨਗੇ।

