ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪੈ ਰਹੇ ਹਨ ਉੱਥੇ ਹੀ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ। ਹੜ੍ਹਾਂ ਕਰਕੇ ਪੰਜਾਬ ਵਿੱਚ ਆਮ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਨਾਲ ਵੀ ਰਾਵੀ ਅਤੇ ਬਿਆਸ ਦਰਿਆ ਵੀ ਚੜ੍ਹੇ ਹੋਏ ਹਨ। ਪ੍ਰਸ਼ਾਸਨ ਨੇ ਸਰਹਦੀ ਜ਼ਿਲ੍ਹਿਆਂ ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਫਾਜ਼ਿਲਕਾ ਵਿਚ ਦੋ ਦਰਜਨ ਦੇ ਕਰੀਬ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।