PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, ਸੈਂਕੜੇ ਪਿੰਡਾਂ ਦੇ ਲੋਕ ਘਰੋਂ ਬੇਘਰ

ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿੱਚ ਰਾਵੀ ਅਤੇ ਬਿਆਸ ਦੇ ਨਾਲ ਨਾਲ ਸਤਲੁਜ ਦਰਿਆ ਵਿਚ ਪਾਣੀ ਚੜ੍ਹਿਆ ਹੋਇਆ ਹੈ, ਜਿਸ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਜਦੋਂ ਕਿ ਹੋਰਨਾਂ ’ਤੇ ਸੰਕਟ ਬਣਿਆ ਹੋਇਆ ਹੈ।

ਪੰਜਾਬ ਵਿੱਚ ਹੜ੍ਹਾਂ ਕਰਕੇ ਸੱਤ ਜ਼ਿਲ੍ਹਿਆਂ ਵਿਚ ਸੈਂਕੜੇ ਪਿੰਡਾਂ ਦੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ। ਸੂਬਾ ਸਰਕਾਰ ਵੱਲੋਂ ਦਰਿਆਵਾਂ ਦੇ ਕੰਢੇ ’ਤੇ ਵਸੇ ਪਿੰਡਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬੁੱਧਵਾਰ ਨੂੰ ਹੋਰ ਵੀ ਵਿਗੜ ਗਈ, ਰਾਵੀ ਦਰਿਆ ਓਵਰਫਲੋ ਹੋ ਗਿਆ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਜਨਾਲਾ ਦੇ ਵੀ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 527.91 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਰੈ। ਲੰਘੇ ਦਿਨ ਡੈਮ ਤੋਂ 1.95 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਅੱਜ ਡੈਮ ਤੋਂ ਹੋਰ ਪਾਣੀ ਛੱਡਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਸਥਿਤ ਭਾਖੜਾ ਅਤੇ ਪੌਂਗ ਡੈਮ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਮੇਂ ਪੰਜਾਬ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਵੀ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ।

ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ। ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਗੋਇਲ ਦੀ ਅਗਵਾਈ ਹੇਠ ਹੜ੍ਹ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਪੂਰੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ’ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ ਨੂੰ ਕਪੂਰਥਲਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੂੰ ਤਰਨ ਤਾਰਨ ਅਤੇ ਡਾ. ਬਲਜੀਤ ਕੌਰ ਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਫਾਜ਼ਿਲਕਾ ਦੀ ਦੇਖ ਰੇਖ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਚ ਪਹਿਲਾਂ ਹੀ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਹੈ।

Related posts

ਮੁੱਖ ਮੰਤਰੀ ਵੱਲੋਂ ਮੁੰਬਈ ’ਚ ਉਦਯੋਗਪਤੀਆਂ ਨਾਲ ਮੁਲਾਕਾਤ

On Punjab

Punjab Election 2022 : ਸਿੱਧੂ ਦੇ ਗੜ੍ਹ ‘ਚ ਮਜੀਠੀਆ ਨੇ ਕਿਹਾ, ਮੈਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਾਂਗਾ, ਹੰਕਾਰੀ ਨੂੰ ਲੋਕਾਂ ਨਾਲ ਪਿਆਰ ਕਰਨਾ ਸਿਖਾਵਾਂਗਾ

On Punjab

ਇਜ਼ਰਾਈਲੀ-ਫਲਸਤੀਨੀ ਫ਼ੌਜੀ ਟਕਰਾਅ, ਨਹੀਂ ਖ਼ਤਮ ਹੋ ਰਹੀ ਹਿੰਸਾ, ਦੋ ਹੋਰ ਦੀ ਮੌਤ

On Punjab