ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਪ੍ਰਤਾਪ ਸਿੰਘ ਬਾਜਵਾ ਨੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਜਵਾਨ, ਨੌਜਵਾਨ, ਔਰਤਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਇਸੇ ਲਈ ਸਰਕਾਰ ਵੱਲੋਂ ਉਨਾਂ ਲਈ ਕੁਝ ਨਹੀਂ ਦਿੱਤਾ ਗਿਆ।
ਸ੍ਰੀ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦੀ ਮਰਦਮਸ਼ੁਮਾਰੀ ਕਰਵਾਉਣ ਦਾ ਐਲਾਨ ਕੀਤਾ ਹੈ, ਇਹ ਸੈਂਸਿਜ਼ ਪੰਜਾਬ ਵਿਧਾਨ ਸਭਾ ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਸਭ ਤੋਂ ਪਹਿਲਾਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਦੇ ਡੋਪ ਟੈਸਟ ਕਰਵਾ ਕੇ ਉਸ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਟੈਸਟ ਵੀ ਪੰਜਾਬ ਸਰਕਾਰ ਦੇ ਡਾਕਟਰਾਂ ਦੀ ਥਾਂ ਪੀਜੀਆਈ ਦੇ ਡਾਕਟਰਾਂ ਦੀ ਅਗਵਾਈ ਹੇਠ ਬੋਰਡ ਵੱਲੋਂ ਕਰਵਾਇਆ ਜਾਣਾ ਚਾਹੀਦਾ ਹੈ।
ਕਾਂਗਰਸ ਦੇ ਸੀਨੀਅਰ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1000-1000 ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਨਹੀਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ।

