63 F
New York, US
October 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂ

ਅੰਮ੍ਰਿਤਸਰ-  ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ ਵਾਸਤੇ ਲੋੜੀਂਦੇ ਸਬੂਤ ਦੇਣ ਲਈ ਮੁੜ ਸੱਦਿਆ ਜਾਵੇਗਾ। ਅੱਜ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾ ਕੇ ਦੋਸ਼ਾਂ ਸਬੰਧੀ ਆਪਣਾ ਇਹ ਪੱਤਰ ਸੌਂਪਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੇ ਦੋਸ਼ ਲਾਏ ਸਨ ਕਿ ਉਨ੍ਹਾਂ ਅਤੇ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹੋਰ ਬੀਬੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਡੀਜੀਪੀ ਨੂੰ ਅਪੀਲ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪਣੇ ਦੋਸ਼ਾਂ ਸਬੰਧੀ ਪੱਤਰ ਦੇਣ ਲਈ ਜਾਣਾ ਚਾਹੁੰਦੇ ਹਨ, ਪਰ ਧਮਕੀਆਂ ਕਾਰਨ ਉਨ੍ਹਾਂ ਨੂੰ ਪ੍ਰੋਗਰਾਮ ਮੁਲਤਵੀ ਕਰਨਾ ਪਿਆ ਹੈ।

ਮਗਰੋਂ ਬਾਅਦ ਦੁਪਹਿਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਆਪਣਾ ਪੱਤਰ ਸੌਂਪਿਆ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੱਤਰ ਵਿੱਚ ਵਿਸਥਾਰ ਨਾਲ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਜਿਨ੍ਹਾਂ ਦੇ ਖ਼ਿਲਾਫ਼ ਦੋਸ਼ ਲਾਏ ਹਨ, ਉਨ੍ਹਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ ਤੋਂ ਗੁਰੇਜ਼ ਕੀਤਾ ਅਤੇ ਆਖਿਆ ਕਿ ਉਹ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੀ ਸਾਰੀ ਜਾਣਕਾਰੀ ਦੇਣਗੇ। ਪਰ ਉਨ੍ਹਾਂ ਦਾਅਵਾ ਕੀਤਾ ਕਿ ਸ਼ੋਸ਼ਣ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਕੁਝ ਬਾਬਿਆਂ ਨਾਲ ਸਬੰਧਿਤ ਵਿਅਕਤੀ ਸ਼ਾਮਿਲ ਹਨ। ਇਸੇ ਤਰ੍ਹਾਂ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਦੀ ਗਿਣਤੀ ਦਰਜਨ ਤੋਂ ਵੱਧ ਹੈ, ਜੋ ਕਿ ਵੱਖ-ਵੱਖ ਸ਼ਹਿਰਾਂ ਨਾਲ ਸਬੰਧਿਤ ਹਨ। ਜਦੋਂ ਉਹ ਇੱਥੇ ਪੁੱਜੇ ਤਾਂ ਉਨ੍ਹਾਂ ਦੇ ਨਾਲ ਸੁਰੱਖਿਆ ਕਰਮਚਾਰੀ ਵੀ ਮੌਜੂਦ ਸਨ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਦੱਸਿਆ ਕਿ ਬੀਬੀ ਰੂਪ ਕੌਰ ਨੇ ਆਪਣਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਦੀ ਗੱਲ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕਰਵਾ ਦਿੱਤੀ ਗਈ ਹੈ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਗਿਆ ਦੋਸ਼ ਪੱਤਰ ਸੁਰੱਖਿਅਤ ਹੈ ਅਤੇ ਇਸ ਦੀ ਜਾਣਕਾਰੀ ਬਾਹਰ ਨਹੀਂ ਜਾਵੇਗੀ। ਉਨ੍ਹਾਂ ਦੱਸਿਆ ਕਿ ਜਥੇਦਾਰ ਗੜਗੱਜ ਵੱਲੋਂ ਜਿਸ ਦਿਨ ਉਨ੍ਹਾਂ ਨੂੰ ਸੱਦਿਆ ਗਿਆ ਸੀ, ਉਸ ਦਿਨ ਉਹ ਨਹੀਂ ਆਏ ਸਨ ਅਤੇ ਅੱਜ ਆਪਣੇ ਪ੍ਰੋਗਰਾਮ ਮੁਤਾਬਕ ਆਏ ਹਨ। ਅੱਜ ਜਥੇਦਾਰ ਗੜਗੱਜ ਬਾਹਰ ਹਨ, ਇਸ ਲਈ ਉਨ੍ਹਾਂ ਨੂੰ ਮੁੜ ਸਮਾਂ ਨਿਰਧਾਰਿਤ ਕਰਨ ਤੋਂ ਬਾਅਦ ਹੀ ਮਿਲਣ ਵਾਸਤੇ ਆਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਬੀਬੀ ਵੱਲੋਂ ਸੌਂਪਿਆ ਗਿਆ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਹੀ ਅਗਲੇਰੀ ਕਾਰਵਾਈ ’ਤੇ ਵਿਚਾਰ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਬਹਿਰੀਨ ਵਾਲੀ ਬੀਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬੀਬੀ ਰੂਪ ਕੌਰ ਨੇ ਦੋਸ਼ ਲਾਇਆ ਸੀ ਕਿ ਅਜਿਹੀਆਂ ਹੋਰ ਵੀ ਕਈ ਬੀਬੀਆਂ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ। ਇਸ ਮਾਮਲੇ ਵਿੱਚ ਉਨ੍ਹਾਂ ਕੁਝ ਅਕਾਲੀ ਆਗੂਆਂ ’ਤੇ ਵੀ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਅਨੁਸ਼ਾਸਨੀ ਕਾਰਵਾਈ ਤਹਿਤ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ।

Related posts

ਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

On Punjab

US : ਕੈਪੀਟਲ ’ਚ ਹੋਈ ਹਿੰਸਾ ’ਚ ਫਸੇ ਰਾਸ਼ਟਰਪਤੀ ਟਰੰਪ ਕੋਲ ਬਾਹਰ ਨਿਕਲਣ ਦਾ ਕੀ ਹੈ ਰਸਤਾ, ਕੀ ਉਹ ਜੇਲ੍ਹ ਜਾਣਗੇ!

On Punjab

ਮਹਿਲਾ ਕਾਂਸਟੇਬਲ ਨੇ ਮੰਤਰੀ ਦੇ ਮੁੰਡੇ ਨੂੰ ਸਿਖਾਇਆ ਸਬਕ, ਪਰ ਖ਼ੁਦ ਨਾਲ ਹੋਇਆ ਕੁਝ ਅਜਿਹਾ

On Punjab