PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ: ਚੌਹਾਨ

ਚੰਡੀਗੜ੍ਹ- ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪਟਿਆਲਾ ਵਿੱਚ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਜਿਹੀਆਂ ਫਸਲਾਂ ਦੀ ਕਾਸ਼ਤ ਕੀਤੀ ਜਾਵੇ, ਜੋ ਮੁਨਾਫ਼ਾ ਦੇਣ ਦੇ ਨਾਲ-ਨਾਲ ਪਾਣੀ ਦੀ ਖਪਤ ਨੂੰ ਵੀ ਘਟਾਉਂਦੀਆਂ ਹਨ। ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਕੇਂਦਰ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਚੌਹਾਨ ਨੇ ਕਿਹਾ ਕਿ ਸਿੰਧੂ, ਜੇਹਲਮ ਅਤੇ ਚਨਾਬ ਦਰਿਆਵਾਂ ਦੇ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਚਰਚਾ ਅਤੇ ਗੱਲਬਾਤ ਰਾਹੀਂ ਸੰਭਵ ਹੈ।

ਕੇਂਦਰ ਦੇ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ’ ਤਹਿਤ ਕੇਂਦਰੀ ਖੇਤੀ ਮੰਤਰੀ ਨੇ ਪਟਿਆਲਾ ਦੇ ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਸਮੂਹ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਚੌਹਾਨ ਦੇ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਵਿਗਿਆਨੀ ਵੀ ਸਨ।

ਦੇਸ਼ ਦੇ ਅਨਾਜ ਭੰਡਾਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਚੌਹਾਨ ਨੇ ਕਿਹਾ ਕਿ ਦੇਸ਼ ਨੇ ਇਸ ਸਾਲ ਕਣਕ, ਝੋਨਾ, ਮੱਕੀ ਅਤੇ ਸੋਇਆਬੀਨ ਦਾ ਰਿਕਾਰਡ ਉਤਪਾਦਨ ਦਰਜ ਕੀਤਾ ਹੈ। ਚੌਹਾਨ ਨੇ ਕਿਹਾ, ‘‘ਪੰਜਾਬ ਨੇ ਇਸ ਵਿੱਚ ਸਭ ਤੋਂ ਵੱਡੀ ਭੂਮਿਕਾ ਨਿਭਾਈ ਅਤੇ ਮੈਂ ਪੰਜਾਬ ਦੀ ਧਰਤੀ ਨੂੰ ਨਮਨ ਕਰਦਾ ਹਾਂ।’’ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦੇਸ਼ ਫਸਲੀ ਉਤਪਾਦਨ ਵਧਾਉਣਾ ਤੇ ਲਾਗਤ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਲਾਹੇਵੰਦ ਭਾਅ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਨ੍ਹਾਂ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਚੌਹਾਨ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਅਪਣਾਈ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਤਕਨਾਲੋਜੀ ਤੋਂ ਪ੍ਰਭਾਵਿਤ ਹੋਏ ਹਨ ਅਤੇ ਉਹ ਹੋਰ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਲਈ DSR ਅਪਣਾਉਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ, ‘‘ਮੈਨੂੰ ਸਿੱਧੀ ਬਿਜਾਈ, ਮਸ਼ਰੂਮ ਦੀ ਕਾਸ਼ਤ ਜਾਂ ਸਾਈਲੇਜ ਬਣਾਉਣ ਸਮੇਤ ਚੰਗੇ ਫਸਲੀ ਅਭਿਆਸਾਂ ਤੋਂ ਜਾਣੂ ਕਰਵਾਇਆ ਗਿਆ ਸੀ।’’ ਸਾਈਲੇਜ ਇੱਕ ਕਿਸਮ ਦਾ ਸੁਰੱਖਿਅਤ ਹਰਾ ਚਾਰਾ ਹੈ ਜੋ ਜਾਨਵਰਾਂ ਲਈ ਇੱਕ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਹੈ। ‘ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ’ ਦੇਸ਼ ਵਿਆਪੀ ਮੁਹਿੰਮ ਬਾਰੇ ਚੌਹਾਨ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਚੌਹਾਨ ਨੇ ਕਿਹਾ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਸਾਨੂੰ ਅਜਿਹੀਆਂ ਫਸਲਾਂ ਬੀਜਣੀਆਂ ਚਾਹੀਦੀਆਂ ਹਨ ਜੋ ਲਾਭਦਾਇਕ ਹੋਣ ਦੇ ਨਾਲ-ਨਾਲ ਘੱਟ ਪਾਣੀ ਦੀ ਖਪਤ ਕਰਨ।’’ ਇਸ ਤੋਂ ਪਹਿਲਾਂ, ਉਨ੍ਹਾਂ ਨੇ ਕਿਸਾਨਾਂ ਨੂੰ ਫਲਾਂ, ਸਬਜ਼ੀਆਂ ਅਤੇ ਹੋਰ ਫਸਲਾਂ ਨਾਲ ਪ੍ਰਯੋਗ ਕਰਨ ਦਾ ਸੱਦਾ ਵੀ ਦਿੱਤਾ।

Related posts

ਮਕਬੂਜਾ ਕਸ਼ਮੀਰ ’ਚ ਪਾਕਿਸਤਾਨ ਆਰਮੀ ਦਾ ਹੈਲੀਕਾਪਟਰ ਹੋਇਆ ਕ੍ਰੈਸ਼, 2 ਪਾਇਲਟਾਂ ਦੀ ਮੌਤ

On Punjab

ਸਤਾਵਨਾ ਵਿੱਚੋਂ ‘ਸਮਾਜਵਾਦੀ’, ‘ਧਰਮ ਨਿਰਪੱਖ’ ਸ਼ਬਦ ਹਟਾਉਣ ਦੀ ਯੋਜਨਾ ਨਹੀਂ: ਕਾਨੂੰਨ ਮੰਤਰੀ

On Punjab

ਸੋਸ਼ਲ ਮੀਡੀਆ ਟਵਿਟਰ ‘ਤੇ ਟ੍ਰੈਂਡ ਕਰ ਰਿਹਾ ਹੈ #BanNetflixInIndia

On Punjab