ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਅਮਨ ਅਰੋੜਾ ਨੇ ਸੰਗਰੂਰ ਅਤੇ ਧੂਰੀ ਵਿੱਚ ਲੰਘੇ ਦਿਨ ਹੋਈ ਹੰਗਾਮੇਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਰੋਪ ਲਾਇਆ ਕਿ ਰਵਨੀਤ ਬਿੱਟੂ ਨੇ ਸਿਆਸੀ ਫਾਇਦੇ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਅਤੇ ਉੱਥੇ ‘ਗੁੰਡਾਗਰਦੀ’ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇੱਕ ਰਾਸ਼ਟਰੀ ਪਾਰਟੀ ਦੇ ਇੰਨੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਵੱਲੋਂ ਅਜਿਹਾ ਗੈਰ-ਜ਼ਿੰਮੇਵਾਰਾਨਾ ਵਿਵਹਾਰ ਕਰਨਾ ਬਿਲਕੁਲ ਬਰਦਾਸ਼ਤ ਕਰਨ ਯੋਗ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਥਾਨਕ ਨਗਰ ਕੌਂਸਲ ਚੋਣਾਂ ਦੌਰਾਨ ਵੋਟਿੰਗ ਵਾਲੇ ਦਿਨ ਧੂਰੀ ਵਿੱਚ ਭਾਜਪਾ ਆਗੂ ਓਂਕਾਰ ਸਿੰਘ ਨੂੰ ਪੁਲਿਸ ਨੇ ਚੋਣ ਜ਼ਾਬਤੇ (Silent Period) ਦੌਰਾਨ ਗੈਰ-ਕਾਨੂੰਨੀ ਤਰੀਕੇ ਨਾਲ ਪ੍ਰਚਾਰ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਸੀ। ਨਿਯਮਾਂ ਮੁਤਾਬਕ, ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਕੋਈ ਵੀ ਬਾਹਰੀ ਵਿਅਕਤੀ ਉਸ ਹਲਕੇ ਵਿੱਚ ਨਹੀਂ ਰਹਿ ਸਕਦਾ। ਓਂਕਾਰ ਸਿੰਘ ਨੂੰ ਛੁਡਵਾਉਣ ਲਈ ਰਵਨੀਤ ਬਿੱਟੂ ਆਪਣੇ ਕਾਫਲੇ ਸਮੇਤ ਉੱਥੇ ਪਹੁੰਚੇ, ਜਿੱਥੇ ਪੁਲਿਸ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਹੋਈ ਅਤੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
ਪੁਲਿਸ ਅਤੇ ਮਹਿਲਾਵਾਂ ਦਾ ਅਪਮਾਨ ਕੀਤਾ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਡੀਓਜ਼ ਦਾ ਹਵਾਲਾ ਦਿੰਦੇ ਹੋਏ ਕਿਹਾ: “ਜਦੋਂ ਪੰਜਾਬ ਪੁਲਿਸ ਦੇ ਅਧਿਕਾਰੀ ਆਪਣੀ ਡਿਊਟੀ ਨਿਭਾ ਰਹੇ ਸਨ ਅਤੇ ਨਿਯਮਾਂ ਦੀ ਪਾਲਣਾ ਕਰਵਾ ਰਹੇ ਸਨ, ਤਾਂ ਰਵਨੀਤ ਬਿੱਟੂ ਨੇ ਇੱਕ ਐੱਸ.ਐੱਸ.ਪੀ. (SSP) ਰੈਂਕ ਦੇ ਸੀਨੀਅਰ ਅਧਿਕਾਰੀ ਨੂੰ ਸ਼ਰੇਆਮ ‘ਗੁੰਡਾ’ ਆਖਿਆ। ਬਿੱਟੂ ਨੇ ਨਾ ਸਿਰਫ਼ ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ, ਬਲਕਿ ਉੱਥੇ ਮੌਜੂਦ ਮਹਿਲਾਵਾਂ ਦਾ ਵੀ ਅਪਮਾਨ ਕੀਤਾ।” ਅਮਨ ਅਰੋੜਾ ਨੇ ਅੱਗੇ ਕਿਹਾ ਕਿ ਇੱਕ ਪਾਸੇ ਰਵਨੀਤ ਬਿੱਟੂ ਨੂੰ ਪੰਜਾਬ ਪੁਲਿਸ ਮਾੜੀ ਲੱਗਦੀ ਹੈ, ਪਰ ਦੂਜੇ ਪਾਸੇ ਜਦੋਂ ਕਾਂਗਰਸ ਦੀ ਸਰਕਾਰ ਸੀ, ਤਾਂ ਉਨ੍ਹਾਂ ਨੇ ਸਾਰੇ ਨਿਯਮ ਛਿੱਕੇ ਟੰਗ ਕੇ ਆਪਣੇ ਸਕੇ ਭਰਾ ਨੂੰ ਪੰਜਾਬ ਪੁਲਿਸ ਵਿੱਚ ਡੀ.ਐੱਸ.ਪੀ. (DSP) ਭਰਤੀ ਕਰਵਾਇਆ ਸੀ।
ਮੁੱਖ ਮੰਤਰੀ ਲੈਣਗੇ ਕਾਰਵਾਈ ਦਾ ਫ਼ੈਸਲਾ- ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਕੀ ਪੰਜਾਬ ਸਰਕਾਰ ਕੇਂਦਰੀ ਮੰਤਰੀ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕਰੇਗੀ, ਤਾਂ ਅਮਨ ਅਰੋੜਾ ਨੇ ਸਾਫ਼ ਕੀਤਾ ਕਿ ਇਸ ਸਬੰਧੀ ਆਖਰੀ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੇ ਪੱਖ ਵਿੱਚ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

