ਪਾਤੜਾਂ- ਕੇਂਦਰ ਸਰਕਾਰ ਵੱਲੋਂ ਨਵੇਂ ਲਾਗੂ ਕੀਤੇ ਜਾ ਰਹੇ ਨਿਯਮਾਂ ਤਹਿਤ ਨੈਸ਼ਨਲ ਹਾਈਵੇ ’ਤੇ ਪੈਂਦੇ ਟੋਲ ਪਲਾਜ਼ਿਆਂ ਨੂੰ ਬੂਥਲੈੱਸ ਪ੍ਰਣਾਲੀ ਰਾਹੀਂ ਖਤਮ ਕੀਤੇ ਜਾਣ ਦੇ ਵਿਰੋਧ ਵਿੱਚ ਟੋਲ ਪਲਾਜਾ ਵਰਕਰ ਯੂਨੀਅਨ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਦੇ ਨਜ਼ਦੀਕ ਟੋਲ ਪਲਾਜੇ ਉੱਤੇ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਲਾਗੂ ਕੀਤੇ ਜਾ ਰਹੇ ਨਿਯਮ ਨੂੰ ਰੁਜ਼ਗਾਰ ਖਤਮ ਕਰਨ ਵਾਲਾ ਕਰਾਰ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਟੋਲ ਪਲਾਜਾ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਜੀਤ ਸਿੰਘ ਅਤੇ ਪੈਂਦ ਟੋਲ ਪਲਾਜਾ ਕਮੇਟੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਲਾਗੂ ਕੀਤੀ ਜਾ ਰਹੀ ਬੂਥਲੈੱਸ ਪਾਲਸੀ ਰਾਹੀਂ ਦੇਸ਼ ਭਰ ਵਿੱਚ ਲੱਖਾਂ ਨੌਜਵਾਨ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਦੇਣ ਦੇ ਦਾਅਵੇ ਕਰਦੀ ਹੈ ਪਰ ਬਦਕਿਸਮਤੀ ਦੀ ਗੱਲ ਹੈ ਕਿ ਅਜਿਹੀਆਂ ਨੀਤੀਆਂ ਲਾਗੂ ਕਰਕੇ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਬੂਥਲੈੱਸ ਪਾਲਸੀ ਵਾਪਸ ਨਾ ਲਈ ਗਈ ਟੋਲ ਪਲਾਜਾ ਵਰਕਰ ਯੂਨੀਅਨ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

