87.78 F
New York, US
July 17, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਖੜਾ ਡੈਮ ’ਤੇ ਹਿਮਾਚਲ ਪ੍ਰਦੇਸ਼ ਦੀ ਪੁਲੀਸ ਤਾਇਨਾਤ ਹੈ ਜਦੋਂ ਕਿ ਨੰਗਲ ਡੈਮ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲੀਸ ਹਵਾਲੇ ਹੈ। ਭਾਖੜਾ ਤੇ ਨੰਗਲ ਡੈਮ ਦੀ ਹੁਣ ਦੋ ਪਰਤੀ ਸੁਰੱਖਿਆ ਹੋਣ ਦੀ ਸੰਭਾਵਨਾ ਹੈ।

ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਮਗਰੋਂ ਪੰਜਾਬ ਤੇ ਹਰਿਆਣਾ ’ਚ ਤਣਾ-ਤਣੀ ਬਣ ਗਈ ਸੀ। ਹਰਿਆਣਾ ਨੇ ਇਹ ਦਬਾਅ ਬਣਾਇਆ ਸੀ ਕਿ ਭਾਖੜਾ ਨੰਗਲ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ ਨੇ ਵੀ ਕੇਂਦਰ ਸਰਕਾਰ ਤੋਂ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਸੀ। ਪਤਾ ਲੱਗਾ ਹੈ ਕਿ ਅਜਿਹੀ ਮੰਗ ਬੀਬੀਐੱਮਬੀ ਨੇ ਵੀ ਕੀਤੀ ਸੀ। ਜਾਣਕਾਰੀ ਅਨੁਸਾਰ ਪਹਿਲੇ ਪਲਾਨ ਮੁਤਾਬਕ ਭਾਖੜਾ ਡੈਮ ਪ੍ਰਾਜੈਕਟ ਲਈ ਕੇਂਦਰੀ ਬਲਾਂ ਦੇ 435 ਕਰਮਚਾਰੀਆਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਹੁਣ 296 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪਿਛਲੇ ਦਿਨਾਂ ਦੌਰਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਮੀਟਿੰਗਾਂ ’ਚ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਮੁੱਦਾ ਵੀ ਉੱਠਦਾ ਰਿਹਾ ਹੈ। ਵੇਰਵਿਆਂ ਅਨੁਸਾਰ ਨੰਗਲ ’ਚ ਭਾਖੜਾ ਡੈਮ ਪ੍ਰਾਜੈਕਟ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਦੀ ਤਾਇਨਾਤੀ ਲਈ 296 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ ਹੈ। ਕੇਂਦਰ ਸਰਕਾਰ ਤਰਫ਼ੋਂ ਇਸ ਬਾਰੇ ਬੀਬੀਐੱਮਬੀ ਦੇ ਡਾਇਰੈਕਟਰ (ਸੁਰੱਖਿਆ ਤੇ ਸਲਾਹਕਾਰ) ਨੂੰ ਪੱਤਰ ਭੇਜਿਆ ਗਿਆ ਹੈ। ਬੀਬੀਐੱਮਬੀ ਵੱਲੋਂ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਸਮੁੱਚਾ ਖ਼ਰਚਾ ਚੁੱਕਿਆ ਜਾਵੇਗਾ। ਕੇਂਦਰੀ ਬਲਾਂ ਦੀ ਰਿਹਾਇਸ਼, ਆਵਾਜਾਈ, ਸੰਚਾਰ ਉਪਕਰਣ ਅਤੇ ਸੁਰੱਖਿਆ ਯੰਤਰ ਆਦਿ ਪ੍ਰਦਾਨ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਅੜੇ ਹੋਏ ਸਨ ਕਿ ਹਰਿਆਣਾ ਨੂੰ ਪੰਜਾਬ ਤਰਫ਼ੋਂ ਵਾਧੂ ਪਾਣੀ ਜਾਣ ਨਹੀਂ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਵੀ ਕਰੀਬ 20 ਦਿਨਾਂ ਤੋਂ ਨੰਗਲ ਡੈਮ ਕੋਲ ਧਰਨੇ ’ਤੇ ਬੈਠੇ ਸਨ। ਮੁੱਖ ਮੰਤਰੀ ਨੇ ਅੱਜ ਨੰਗਲ ਡੈਮ ਵਿਖੇ ਫ਼ਤਿਹ ਦਿਵਸ ਮਨਾ ਕੇ ‘ਆਪ’ ਦਾ ਧਰਨਾ ਖ਼ਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਜਸ਼ਨਾਂ ਦੌਰਾਨ ਹੀ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਫ਼ੁਰਮਾਨ ਪੁੱਜ ਗਿਆ ਹੈ।

ਕੇਂਦਰੀ ਬਲਾਂ ਦੀ ਤਾਇਨਾਤੀ ਦਾ ਸਮੁੱਚਾ ਖ਼ਰਚਾ ਬੀਬੀਐੱਮਬੀ ਵੱਲੋਂ ਤਾਰਿਆ ਜਾਵੇਗਾ ਜੋ ਕਿ ਸਾਲ 2025-26 ਦਾ ਅੰਦਾਜ਼ਨ 8.58 ਕਰੋੜ ਰੁਪਏ ਹੋਵੇਗਾ ਅਤੇ ਪ੍ਰਤੀ ਸੁਰੱਖਿਆ ਮੁਲਾਜ਼ਮ 2.90 ਲੱਖ ਰੁਪਏ ਖ਼ਰਚਾ ਆਵੇਗਾ। ਕੇਂਦਰੀ ਬਲਾਂ ਦੇ ਰਹਿਣ-ਸਹਿਣ, ਆਵਾਜਾਈ, ਸੰਚਾਰ ਸਾਧਨਾਂ ਆਦਿ ਦਾ ਪ੍ਰਬੰਧ ਵੀ ਬੀਬੀਐੱਮਬੀ ਵੱਲੋਂ ਕੀਤਾ ਜਾਵੇਗਾ। ਕੇਂਦਰੀ ਬਲਾਂ ਦੀ ਤਾਇਨਾਤੀ ਦਾ ਕਰੀਬ 60 ਫ਼ੀਸਦੀ ਖ਼ਰਚਾ ਪੰਜਾਬ ਨੂੰ ਝੱਲਣਾ ਪਵੇਗਾ।

ਪੰਜਾਬ-ਹਿਮਾਚਲ ਦੇ 347 ਜਵਾਨ ਸੁਰੱਖਿਆ ਲਈ ਤਾਇਨਾਤ- ਭਾਖੜਾ ਡੈਮ ਪ੍ਰਾਜੈਕਟ ਦੀ ਵੱਖ ਵੱਖ ਪੁਆਇੰਟਾਂ ’ਤੇ ਸੁਰੱਖਿਆ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲੀਸ ਦੀ ਤਾਇਨਾਤੀ ਹੈ। ਸਮੁੱਚੇ ਪ੍ਰਾਜੈਕਟ ’ਤੇ ਸੁਰੱਖਿਆ ਲਈ 288 ਅਸਾਮੀਆਂ ਪ੍ਰਵਾਨਿਤ ਹਨ ਪ੍ਰੰਤੂ ਤਾਇਨਾਤੀ 347 ਮੁਲਾਜ਼ਮਾਂ ਦੀ ਹੈ। ਨੰਗਲ ਡੈਮ ਦੇ ਅੱਧੀ ਦਰਜਨ ਪੁਆਇੰਟਾਂ ’ਤੇ ਪੰਜਾਬ ਪੁਲੀਸ ਦੇ 146 ਜਵਾਨਾਂ ਦੀ ਤਾਇਨਾਤੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ 201 ਜਵਾਨ ਤਾਇਨਾਤ ਹਨ। ਸੁੰਦਰ ਨਗਰ ਅਤੇ ਪੌਂਗ ਡੈਮਾਂ ਦੀ ਸੁਰੱਖਿਆ ਪਹਿਲਾਂ ਹੀ ਸੀਆਈਐੱਸਐੱਫ ਹਵਾਲੇ ਹੈ।

Related posts

ਨਵਾਂ ਇਨਕਮ ਟੈਕਸ ਬਿੱਲ ਅਗਲੇ ਹਫ਼ਤੇ ਸੰਸਦ ’ਚ ਕੀਤਾ ਜਾਵੇਗਾ ਪੇਸ਼

On Punjab

Helicopter Crash In Pune : ਪੁਣੇ ‘ਚ ਵੱਡਾ ਹਾਦਸਾ, ਹੈਲੀਕਾਪਟਰ ਕ੍ਰੈਸ਼ ‘ਚ 2 ਲੋਕਾਂ ਦੀ ਮੌਤ Helicopter Crash in Pune : ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪਿੰਪਰੀ ਚਿੰਚਵੜ ਪੁਲਿਸ ਅਧਿਕਾਰੀ ਅਨੁਸਾਰ ਫਿਲਹਾਲ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

On Punjab

ਖੇਤੀ ਆਰਡੀਨੈਂਸ ਬਣੇ ਅਕਾਲੀ ਦਲ ਲਈ ‘ਸੱਪ ਦੇ ਮੂੰਹ ‘ਚ ਕਿਰਲੀ’

On Punjab